ਟਿਕਟਾਂ ਦੀ ਵੰਡ ਤੋਂ ਬਾਅਦ ਹੀ ‘ਆਪ’ ਦਾ ਝਾੜੂ ਖਿੱਲਰਨਾ ਸ਼ੁਰੂ ਟਿਕਟਾਂ ਦੀ ਵੰਡ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਦਾ ਝਾੜੂ ਖਿੱਲਰਨਾ ਸ਼ੁਰੂ
Publish Date: Tue, 03 Nov 2026 05:59 PM (IST)
Updated Date: Tue, 03 Nov 2026 06:02 PM (IST)
ਚੋਣ ਜ਼ਾਬਤੇ ਤੋਂ ਪਹਿਲਾਂ ਹੀ ਪਾਰਟੀ ’ਚ ਬਗਾਵਤ ਦੇ ਸੰਕੇਤ: ਡਾ. ਸੁਭਾਸ਼ ਸ਼ਰਮਾ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ, ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਲਈ ਜਾਰੀ ਕੀਤੀ ਗਈ ਪਹਿਲੀ ਸੂਚੀ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਟਿਕਟਾਂ ਦੀ ਵੰਡ ਹੁੰਦਿਆਂ ਹੀ ਆਮ ਆਦਮੀ ਪਾਰਟੀ ’ਚ ਅੰਦਰੂਨੀ ਖਲਾਰਾ ਪੈਣਾ ਸ਼ੁਰੂ ਹੋ ਗਿਆ ਹੈ। ਹਾਲਾਤ ਇਹ ਹਨ ਕਿ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦਾ ਝਾੜੂ ਖਿੱਲਰਦਾ ਨਜ਼ਰ ਆ ਰਿਹਾ ਹੈ, ਜੋ ਆਉਣ ਵਾਲੀਆਂ ਚੋਣਾਂ ’ਚ ਪਾਰਟੀ ਦੀ ਕਰਾਰੀ ਹਾਰ ਦੇ ਸਪੱਸ਼ਟ ਸੰਕੇਤ ਦੇ ਰਿਹਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਜਾਣ ਵਾਲੇ ਵਿਧਾਇਕਾਂ ਤੇ ਆਗੂਆਂ ਵੱਲੋਂ ਭਾਜਪਾ ਦਾ ਪੱਲਾ ਫੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ’ਚ ਭਾਜਪਾ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਲੋਕ ਹਿੱਤਾਂ ਨੂੰ ਪਹਿਲ ਦਿੰਦੀ ਹੈ ਤੇ ਦੇਸ਼ ਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਦਾ ਮੁੱਦਾ, ਕਾਨੂੰਨ ਵਿਵਸਥਾ, ਵਿਕਾਸ ਤੇ ਹੋਰ ਅਹਿਮ ਜਨਤਕ ਮਸਲਿਆਂ ’ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਣ ਦੀ ਬਜਾਏ ਕਈ ਗੰਭੀਰ ਸਮੱਸਿਆਵਾਂ ’ਚ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਅੰਦਰ ਵਧ ਰਹੀ ਨਾਰਾਜ਼ਗੀ ਤੇ ਆਗੂਆਂ ਦਾ ਪਾਰਟੀ ਛੱਡਣਾ ਇਸ ਦੀ ਕਮਜ਼ੋਰ ਹੁੰਦੀ ਸਿਆਸੀ ਸਥਿਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਸ ਦੀਆਂ ਨਾਕਾਮੀਆਂ ਦਾ ਜਵਾਬ ਦੇਣਗੇ ਤੇ ਭਾਜਪਾ ਨੂੰ ਮਜ਼ਬੂਤ ਸਮਰਥਨ ਦੇ ਕੇ ਸੂਬੇ ’ਚ ਬਦਲਾਅ ਦਾ ਰਾਹ ਖੋਲ੍ਹਣਗੇ।