59 ਮੁਲਾਜ਼ਮ ਹੁਣ ਸਿੱਧੇ ਪੀਐੱਸਪੀਸੀਐੱਲ ਅਧੀਨ ਹੋਏ ਕੰਟਰੈਕਟ ’ਤੇ 59 ਮੁਲਾਜ਼ਮ ਪੈਸਕੋ ਦੀ ਬਜਾਏ ਹੁਣ ਸਿੱਧੇ ਪੀ.ਐਸ.ਪੀ.ਸੀ.ਐੱਲ. ਅਧੀਨ ਹੋਏ ਕੰਟਰੈਕਟ ’ਤੇ: ਹਰਜੋਤ ਬੈਂਸ
Publish Date: Wed, 04 Nov 2026 04:21 PM (IST)
Updated Date: Wed, 04 Nov 2026 04:23 PM (IST)
ਕੈਬਨਿਟ ਮੰਤਰੀ ਨੇ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟਸੋਰਸ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ 59 ਮੁਲਾਜ਼ਮਾਂ ਨੂੰ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐੱਲ.) ਦੇ ਸਿੱਧੇ ਅਧੀਨ ਕੰਟਰੈਕਟ ’ਤੇ ਲਿਆਂਦਾ ਗਿਆ ਹੈ। ਇਸ ਸਬੰਧੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰੀ ਅਦਾਰੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਵਿਭਾਗ ਆਪਣੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੈਸਕੋ ਰਾਹੀਂ ਸੇਵਾਵਾਂ ਦੇ ਰਹੇ 59 ਮੁਲਾਜ਼ਮਾਂ ਨੂੰ ਸਿੱਧੇ ਪੀਐੱਸਪੀਸੀਐੱਲ ਅਧੀਨ ਕੰਟਰੈਕਟ ’ਤੇ ਲਿਆਉਣਾ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵੱਲ ਅਹਿਮ ਕਦਮ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਤੇ ਰੁਜ਼ਗਾਰ ’ਚ ਸਥਿਰਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁਲਾਜ਼ਮਾਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਿਯੁਕਤੀ ਪੱਤਰ ਮਿਲਣ ਨਾਲ ਮੁਲਾਜ਼ਮਾਂ ਦਾ ਮਨੋਬਲ ਵਧੇਗਾ ਤੇ ਉਹ ਹੋਰ ਵੀ ਮਿਹਨਤ ਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ ਤੇ ਰੌਸ਼ਨੀ ਦਾ ਤਿਉਹਾਰ ਹੈ ਤੇ ਇਸ ਮੌਕੇ 59 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਾ ਉਨ੍ਹਾਂ ਲਈ ਵੀ ਖੁਸ਼ੀ ਦੀ ਗੱਲ ਹੈ। ਇਸ ਨਾਲ 59 ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਭਰੋਸਾ ਵਧਿਆ ਹੈ। ਉਨ੍ਹਾਂ ਸਾਰੇ ਮੁਲਾਜ਼ਮਾਂ ਤੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਹਿਲਾਂ ਵਾਂਗ ਪੂਰੀ ਮਿਹਨਤ ਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਇੰਜੀਨੀਅਰ ਨਵੀਨ ਮਲਹੋਤਰਾ, ਹੋਰ ਅਧਿਕਾਰੀ, ਪਤਵੰਤੇ ਤੇ ਮੁਲਾਜ਼ਮ ਹਾਜ਼ਰ ਸਨ।