ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਵੇਟ ਲਿਫਟਿੰਗ ਤੇ ਪਾਵਰ ਲਿਫਟਿੰਗ ਮੁਕਾਬਲੇ ਸੰਪੰਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਵੇਟ ਲਿਫਟਿੰਗ ’ਤੇ ਪਾਵਰ ਲਿਫਟਿੰਗ ਮੁਕਾਬਲੇ ਸਮਾਪਤ
Publish Date: Wed, 04 Nov 2026 04:43 PM (IST)
Updated Date: Wed, 04 Nov 2026 04:44 PM (IST)
ਖਾਲਸਾ ਕਾਲਜ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਤਿੰਨ ਰੋਜ਼ਾ ਅੰਤਰ-ਕਾਲਜ ਵੇਟ ਲਿਫਟਿੰਗ ਅਤੇ ਬਾਡੀ ਬਿਲਡਿੰਗ ਚੈਂਪੀਅਨਸ਼ਿਪ 2 ਨਵੰਬਰ ਤੋਂ 4 ਨਵੰਬਰ 2026 ਤੱਕ ਕਰਵਾਈ ਗਈ। ਇਸ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਚੈਂਪੀਅਨਸ਼ਿਪ ’ਚ ਮੇਜ਼ਬਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾ ਵਰਗ ’ਚ ਓਵਰਆਲ ਚੈਂਪੀਅਨਸ਼ਿਪ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਮਹਿਲਾ ਵਰਗ ’ਚ ਐੱਮਬੀਐੱਸਬੀਐੱਨਵੀ ਕਾਲਜ, ਟਿੱਬਾ ਨੰਗਲ ਨੇ ਦੂਜਾ ਤੇ ਸਰਕਾਰੀ ਮਹਿਲਾ ਕਾਲਜ, ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੁਰਸ਼ ਵਰਗ ’ਚ ਮੋਦੀ ਕਾਲਜ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਉਪ-ਜੇਤੂ ਰਹਿਣ ਦਾ ਮਾਣ ਪ੍ਰਾਪਤ ਕੀਤਾ ਜਦਕਿ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਨਾਮ ਵੰਡ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਨਾਲ ਨੰਬਰਦਾਰ ਸੰਦੀਪ ਸਿੰਘ ਕਲੋਤਾ ’ਤੇ ਹਰਕਰਨ ਸਿੰਘ ਭਿੰਡਰ ਵਿਸ਼ੇਸ਼ ਤੌਰ ’ਤੇ ਹਾਜ਼ਿਰ ਹੋਏ। ਇਸ ਮੌਕੇ ਮੁੱਖ ਮਹਿਮਾਨ ਅਤੇ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਹ ਨੌਜਵਾਨਾਂ ’ਚ ਅਨੁਸ਼ਾਸਨ, ਸਬਰ, ਮਿਹਨਤ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਤੇ ਅੱਗੇ ਤੋਂ ਹੋਰ ਮਹਿਮਾਨ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਮਹਿਲਾ ਵਰਗ ’ਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਅਤੇ ਪੁਰਸ਼ ਟੀਮ ਨੇ ਵੀ ਉਪ-ਜੇਤੂ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਪ੍ਰਦਾਨ ਕੀਤਾ ਜਾਂਦਾ ਹੈ।ਇਸ ਮੌਕੇ ਕਾਲਜ ਦੇ ਸ਼ਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ ਨੇ ਸਮੂਹ ਮਹਿਮਾਨਾਂ, ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਖਿਡਾਰੀਆਂ, ਕੋਚਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਚੈਂਪੀਅਨਸ਼ਿਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਨੰਬਰਦਾਰ ਸੰਦੀਪ ਸਿੰਘ ਕਲੋਤਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਮੁੱਖ ਕੋਚ ਤੇ ਅਰਜਨਾਂ ਐਵਾਰਡੀ ਪਰਮਜੀਤ ਸ਼ਰਮਾ, ਸਾਬਕਾ ਪ੍ਰਿੰਸੀਪਲ ਸੁਰਿੰਦਰ ਪਾਲ, ਲੈਕਚਰਾਰ ਅਰਵਿੰਦ ਕੁਮਾਰ ਬਾਲੀ, ਡਾ. ਸੁਰਿੰਦਰ ਸ਼ਰਮਾ, ਡਾ. ਬਲਜੀਤ ਸਿੰਘ ਚਾਨਾ, ਕਬੱਡੀ ਕੌਚ ਗੁਰਦੇਵ ਸਿੰਘ, ਕਾਲਜ ਦੇ ਪੁਰਾਣੇ ਵਿਦਿਆਰਥੀ ਵੇਟਲਿਫਟਰ ਸੰਜੀਵ ਕੁਮਾਰ ਅਤੇ ਵੇਟ ਲਿਫਟਿੰਗ ਕੋਚ ਸੋਨੀਆ ਮਾਨ ਨੇ ਸ਼ਿਰਕਤ ਕੀਤੀ।