ਐੱਸਐੱਮਓ. ਡਾ. ਹਰਪ੍ਰੀਤ ਕੌਰ ਵੱਲੋਂ ਹਸਪਤਾਲ ਦਾ ਨਿਰੀਖਣ ਦੀਵਾਲੀ ਦੇ ਮੱਦੇਨਜ਼ਰ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਵੱਲੋਂ ਨੂਰਪੁਰਬੇਦੀ ਹਸਪਤਾਲ ਦਾ ਨਿਰੀਖਣ
Publish Date: Thu, 05 Nov 2026 05:35 PM (IST)
Updated Date: Thu, 05 Nov 2026 05:38 PM (IST)
ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਤੇ ਐਮਰਜੈਂਸੀ ਪ੍ਰਬੰਧਾਂ ਨੂੰ ਦਰੁਸਤ ਰੱਖਣ ਦੀਆਂ ਦਿੱਤੀਆਂ ਹਦਾਇਤਾਂ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਵੱਲੋਂ ਸਿਵਲ ਹਸਪਤਾਲ ਨੂਰਪੁਰਬੇਦੀ ਦਾ ਦੌਰਾ ਕਰਕੇ ਸਿਹਤ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ’ਚ ਜਾ ਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਨਿਰੀਖਣ ਦੌਰਾਨ ਉਨ੍ਹਾਂ ਨੇ ਐਮਰਜੈਂਸੀ ਵਾਰਡ, ਓ.ਪੀ.ਡੀ., ਲੈਬੋਰੇਟਰੀ, ਐਕਸਰੇ ਵਿਭਾਗ, ਟੀਕਾਕਰਨ ਕੇਂਦਰ, ਲੇਬਰ ਰੂਮ ਤੇ ਜਨਰਲ ਵਾਰਡ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦਵਾਈਆਂ ਦੀ ਉਪਲਬਧਤਾ, ਸਫ਼ਾਈ ਪ੍ਰਬੰਧਾਂ ਤੇ ਸਿਹਤ ਸੇਵਾਵਾਂ ਦੇ ਕੰਮਕਾਜ ਬਾਰੇ ਸਬੰਧਤ ਸਟਾਫ਼ ਤੋਂ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ’ਚ ਇਲਾਜ ਲਈ ਆਉਣ ਵਾਲੇ ਹਰੇਕ ਮਰੀਜ਼ ਨੂੰ ਸਮੇਂ ਸਿਰ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਦੇਖਭਾਲ, ਸਾਫ਼-ਸਫ਼ਾਈ ਤੇ ਦਵਾਈਆਂ ਦੀ ਉਪਲਬਧਤਾ ’ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣੀ ਚਾਹੀਦੀ। ਸਮੂਹ ਸਟਾਫ਼ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਵੇ। ਉਨ੍ਹਾਂ ਨੇ ਦੀਵਾਲੀ ਦੌਰਾਨ ਪਟਾਕਿਆਂ ਕਾਰਨ ਸੜਨ ਤੇ ਹੋਰ ਹਾਦਸਿਆਂ ਦੀ ਸੰਭਾਵਨਾ ਨੂੰ ਦੇਖਦਿਆਂ ਐਮਰਜੈਂਸੀ ਸੇਵਾਵਾਂ ਨੂੰ ਹਰ ਸਮੇਂ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਲੋੜੀਂਦੀਆਂ ਦਵਾਈਆਂ ਤੇ ਇਲਾਜ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਏ ਜਾਣ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ’ਚ ਮਰੀਜ਼ਾਂ ਨੂੰ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਐੱਸਐੱਮਓ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਚਾਰੂ, ਮਿਆਰੀ ਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਲਈ ਹਸਪਤਾਲ ਦੇ ਸਮੁੱਚੇ ਸਟਾਫ਼ ਨੂੰ ਮਰੀਜ਼ਾਂ ਪ੍ਰਤੀ ਸੇਵਾ ਭਾਵਨਾ ਰੱਖਦਿਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ।