- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵਕਰਮਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਗੰਮਪੁਰ ਵਿਖੇ ਲੰਗਰ ਵਿੱਚ ਭਰੀ ਹਾਜ਼ਰੀ

ਵਿਸ਼ਵਕਰਮਾ ਦਿਵਸ ਮਿਹਨਤ, ਹੁਨਰ ਤੇ ਸਿਰਜਣਾਤਮਕਤਾ ਦਾ ਪ੍ਰਤੀਕ
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਗੰਮਪੁਰ ਵਿਖੇ ਨਿਤਿਨ ਨੰਦਾ ਵੱਲੋਂ ਲਗਾਏ ਗਏ ਲੰਗਰ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੰਗਰ ’ਚ ਹਾਜ਼ਰੀ ਲਗਵਾ ਕੇ ਸੰਗਤਾਂ ਨਾਲ ਸਮਾਂ ਬਿਤਾਇਆ ਤੇ ਭਗਵਾਨ ਵਿਸ਼ਵਕਰਮਾ ਜੀ ਨੂੰ ਨਮਨ ਕਰਦਿਆਂ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਸਾਡੇ ਸਾਰਿਆਂ ਲਈ ਬਹੁਤ ਹੀ ਮਹੱਤਵਪੂਰਨ ਤੇ ਸ਼ਰਧਾ ਵਾਲਾ ਦਿਹਾੜਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ, ਹੁਨਰ ਤੇ ਮਿਹਨਤ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ’ਚ ਕਿਰਤੀ ਵਰਗ ਤੇ ਕਾਰੀਗਰਾਂ ਦਾ ਬਹੁਤ ਵੱਡਾ ਯੋਗਦਾਨ ਹੈ। ਸਾਨੂੰ ਹਰੇਕ ਮਿਹਨਤਕਸ਼ ਵਿਅਕਤੀ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੀ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਹ ਆਪਣੇ ਭਰਾ ਨਿਤਿਨ ਨੰਦਾ ਵੱਲੋਂ ਵਿਸ਼ਵਕਰਮਾ ਦਿਵਸ ਮੌਕੇ ਅਗੰਮਪੁਰ ਵਿਖੇ ਲਗਾਏ ਜਾਂਦੇ ਲੰਗਰ ’ਚ ਹਾਜ਼ਰੀ ਲਗਵਾਉਣ ਪਹੁੰਚੇ ਹਨ। ਅਜਿਹੇ ਧਾਰਮਿਕ ਤੇ ਸਮਾਜਿਕ ਉਪਰਾਲੇ ਸਾਡੇ ਸਮਾਜ ’ਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਲੰਗਰ ਦੀ ਪਰੰਪਰਾ ਸਾਨੂੰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਲੋਕਾਂ ਦੀ ਸੇਵਾ ਕਰਨ ਤੇ ਮਿਲਜੁਲ ਕੇ ਰਹਿਣ ਦਾ ਸੰਦੇਸ਼ ਦਿੰਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਤੇ ਮਹਾਨ ਸ਼ਖ਼ਸੀਅਤਾਂ ਦੀ ਧਰਤੀ ਹੈ, ਜਿੱਥੇ ਸੇਵਾ ਤੇ ਸਾਂਝ ਦੀ ਪਰੰਪਰਾ ਸਦੀਆਂ ਤੋਂ ਚੱਲਦੀ ਆ ਰਹੀ ਹੈ। ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਅਰਦਾਸ ਕੀਤੀ ਕਿ ਸਮੁੱਚੇ ਪੰਜਾਬ ’ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਖੁਸ਼ਹਾਲੀ ਬਣੀ ਰਹੇ। ਉਨ੍ਹਾਂ ਕਾਮਨਾ ਕੀਤੀ ਕਿ ਹਰ ਮਿਹਨਤਕਸ਼ ਪਰਿਵਾਰ ਤਰੱਕੀ ਕਰੇ ਤੇ ਪੰਜਾਬ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰੇ।