ਲੋਕਾਂ ਨੂੰ ਨਿਮੋਨੀਆ ਪ੍ਰਤੀ ਜਾਗਰੂਕ ਹੋਣ ਦੀ ਲੋੜ ਵਿਸ਼ਵ ਨਿਮੋਨੀਆ ਦਿਵਸ ਮੌਕੇ ਲੋਕਾਂ ਨੂੰ ਬਿਮਾਰੀ ਪ੍ਰਤੀ ਜਾਗਰੂਕ ਹੋਣ ਦੀ ਲੋੜ : ਡਾ. ਰਣਬੀਰ ਸਿੰਘ
Publish Date: Wed, 11 Nov 2026 04:27 PM (IST)
Updated Date: Wed, 11 Nov 2026 04:30 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਵਿਸ਼ਵ ਨਿਮੋਨੀਆ ਦਿਵਸ ਮੌਕੇ ਲੋਕਾਂ ਨੂੰ ਇਸ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਹਸਪਤਾਲ ਦੇ ਸੀਨੀਅਰ ਡਾਕਟਰ ਰਣਬੀਰ ਸਿੰਘ ਨੇ ਕਿਹਾ ਕਿ ਨਿਮੋਨੀਆ ਸਾਹ ਪ੍ਰਣਾਲੀ ਨਾਲ ਸਬੰਧਤ ਇੱਕ ਗੰਭੀਰ ਬਿਮਾਰੀ ਹੈ, ਜਿਸ ਪ੍ਰਤੀ ਹਰ ਵਿਅਕਤੀ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਬਿਮਾਰੀ ਦੀ ਪਛਾਣ ਤੇ ਸਹੀ ਇਲਾਜ ਨਾਲ ਇਸ ਤੋਂ ਬਚਾਅ ਸੰਭਵ ਹੈ। ਡਾ. ਰਣਬੀਰ ਸਿੰਘ ਨੇ ਦੱਸਿਆ ਕਿ ਨਿਮੋਨੀਆ ਮੁੱਖ ਤੌਰ ’ਤੇ ਫੇਫੜਿਆਂ ਨੂੰ ਪ੍ਰਭਾਵਿਤ ਕਰਦਾ ਹੈ। ਇਸ ਬਿਮਾਰੀ ਦੌਰਾਨ ਫੇਫੜਿਆਂ ’ਚ ਸੋਜ ਆ ਜਾਂਦੀ ਹੈ ਤੇ ਸਾਹ ਲੈਣ ’ਚ ਮੁਸ਼ਕਲ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਬੁਖਾਰ, ਖੰਘ, ਛਾਤੀ ’ਚ ਦਰਦ, ਸਾਹ ਚੜ੍ਹਨਾ ਤੇ ਸ਼ਰੀਰ ’ਚ ਕਮਜ਼ੋਰੀ ਇਸ ਦੇ ਆਮ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ਤੇ ਮਰੀਜ਼ ਨੂੰ ਆਪਣੀ ਮਰਜ਼ੀ ਨਾਲ ਦਵਾਈ ਲੈਣ ਦੀ ਬਜਾਏ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਛੋਟੇ ਬੱਚਿਆਂ, ਬਜ਼ੁਰਗਾਂ ਤੇ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਵਿਅਕਤੀਆਂ ਨੂੰ ਇਸ ਬਿਮਾਰੀ ਦਾ ਖ਼ਤਰਾ ਵਧੇਰੇ ਹੁੰਦਾ ਹੈ। ਇਸ ਲਈ ਪਰਿਵਾਰਕ ਮੈਂਬਰਾਂ ਨੂੰ ਇਨ੍ਹਾਂ ਵਰਗਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਡਾ. ਰਣਬੀਰ ਸਿੰਘ ਨੇ ਕਿਹਾ ਕਿ ਨਿਮੋਨੀਆ ਤੋਂ ਬਚਾਅ ਲਈ ਸਫ਼ਾਈ ਦਾ ਧਿਆਨ ਰੱਖਣਾ, ਹੱਥਾਂ ਨੂੰ ਵਾਰ-ਵਾਰ ਧੋਣਾ, ਖੰਘਣ ਜਾਂ ਛਿੱਕਣ ਸਮੇਂ ਮੂੰਹ ਢੱਕਣਾ ਤੇ ਭੀੜ ਵਾਲੀਆਂ ਥਾਵਾਂ ’ਤੇ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਤੋਂ ਇਲਾਵਾ ਡਾਕਟਰੀ ਸਲਾਹ ਅਨੁਸਾਰ ਟੀਕਾਕਰਨ ਕਰਵਾਉਣਾ ਵੀ ਬਚਾਅ ਦਾ ਅਹਿਮ ਸਾਧਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਿਮੋਨੀਆ ਨੂੰ ਆਮ ਖੰਘ ਜਾਂ ਜ਼ੁਕਾਮ ਸਮਝ ਕੇ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਸਿਹਤ ਪ੍ਰਤੀ ਜਾਗਰੂਕਤਾ, ਸਮੇਂ ਸਿਰ ਜਾਂਚ ਤੇ ਢੁੱਕਵਾਂ ਇਲਾਜ ਹੀ ਇਸ ਬਿਮਾਰੀ ਤੋਂ ਬਚਾਅ ਦਾ ਸਭ ਤੋਂ ਵਧੀਆ ਤਰੀਕਾ ਹੈ।