ਨਾਜਾਇਜ਼ ਮਾਇੰਨਿੰਗ ਖਿਲਾਫ਼ ਡਾ਼ ਸ਼ੁਭਾਸ਼ ਸਰਮਾਂ ਨੇ ਖੋਲਿਆ ਮੋਰਚਾ ਨਜਾਇਜ਼ ਮਾਇੰਨਿੰਗ ਖਿਲਾਫ਼ ਡਾ਼ ਸ਼ੁੁਭਾਸ਼ ਸਰਮਾਂ ਨੇ ਖੋਲਿਆ ਮੋਰਚਾ
Publish Date: Thu, 12 Nov 2026 04:51 PM (IST)
Updated Date: Thu, 12 Nov 2026 04:54 PM (IST)
ਪੰਜਾਬੀ ਜਾਗਰਣ ਟੀਮ , ਨੰਗਲ : ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਖੇੜਾ ਕਲਮੋਟ ’ਚ ਚੱਲ ਰਹੀਆਂ ਮਾਈਨਿੰਗ ਗਤੀਵਿਧੀਆਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ’ਤੇ, ਭਾਜਪਾ ਪੰਜਾਬ ਪ੍ਰਦੇਸ਼ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਈਨਿੰਗ ਵਾਲੀ ਥਾਂ ਦਾ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲਿਆ। ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਨੇ ਦੱਸਿਆ ਕਿ ਇਲਾਕੇ ’ਚ ਵੱਡੇ ਪੱਧਰ ’ਤੇ ਮਾਈਨਿੰਗ ਗਤੀਵਿਧੀਆਂ ਚੱਲ ਰਹੀਆਂ ਹਨ। ਕਈ ਕਰੱਸ਼ਰ ਤੇ ਖੁਦਾਈ ਕਰਨ ਵਾਲੀਆਂ ਮਸ਼ੀਨਾਂ ਲਗਾਤਾਰ ਕੰਮ ਕਰ ਰਹੀਆਂ ਹਨ, ਤੇ ਪਹਾੜਾਂ ’ਚ ਵਿਆਪਕ ਖੁਦਾਈ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦੇ ਅਨੁਸਾਰ, ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਹਾਲ ਹੀ ’ਚ ਜ਼ਮੀਨ ਤੋਂ ਪਾਣੀ ਨਿਕਲ ਆਇਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਮਾਈਨਿੰਗ ਕਾਰਜ ਧੂੜ ਤੇ ਧੂੰਏਂ ਨਾਲ ਆਲੇ ਦੁਆਲੇ ਦੇ ਪਿੰਡਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਵਾਯੂਮੰਡਲ ’ਚ ਛੱਡੀ ਜਾਣ ਵਾਲੀ ਧੂੜ ਸਾਹ ਲੈਣ ’ਚ ਤਕਲੀਫ਼ ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣ ਰਹੀ ਹੈ। ਇਸ ਤੋਂ ਇਲਾਵਾ, ਬਿਨਾਂ ਲਾਇਸੈਂਸ ਪਲੇਟਾਂ ਵਾਲੇ ਟਿੱਪਰ ਟਰੱਕਾਂ ਦੀ ਆਵਾਜਾਈ ਸੜਕ ਹਾਦਸਿਆਂ ਦਾ ਖ਼ਤਰਾ ਵਧਾ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਨੇ ਪੂਰੇ ਖੇਤਰ ਦੇ ਲੋਕਾਂ ਲਈ ਜੀਵਨ ਮੁਸ਼ਕਲ ਬਣਾ ਦਿੱਤਾ ਹੈ। ਇਸ ਮੌਕੇ ਮੰਡਲ ਪ੍ਰਧਾਨ ਵਰਿੰਦਰ ਵਿੱਕੀ, ਜਨਰਲ ਸਕੱਤਰ ਰਜਨੀਸ਼ ਪਾਸੀਵਾਲ, ਪਾਰਟੀ ਦੇ ਸੀਨੀਅਰ ਆਗੂ ਦੇਵਦੱਤ ਸ਼ਰਮਾ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ। ਮਾਈਨਿੰਗ ਵਿਰੁੱਧ ਮਿਲ ਕੇ ਕੰਮ ਕਰਾਂਗਾ ਡਾ. ਸੁਭਾਸ਼ ਸ਼ਰਮਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤੇ ਉਹ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਲੜਨ ਲਈ ਪਿੰਡ ਵਾਸੀਆਂ ਨਾਲ ਮਿਲ ਕੇ ਕੰਮ ਕਰਨਗੇ। ਮੌਕੇ ਤੋਂ ਹੀ ਉਨ੍ਹਾਂ ਰੋਪੜ ਦੇ ਡਿਪਟੀ ਕਮਿਸ਼ਨਰ ਨਾਲ ਫ਼ੋਨ ’ਤੇ ਗੱਲ ਕੀਤੀ, ਉਨ੍ਹਾਂ ਨੂੰ ਇਲਾਕੇ ਦੀ ਸਥਿਤੀ ਤੇ ਪਿੰਡ ਵਾਸੀਆਂ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਤੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ। ਵਾਤਾਵਰਣ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਡਾ. ਸ਼ਰਮਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸਿਹਤ, ਵਾਤਾਵਰਣ ਤੇ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪਿੰਡ ਵਾਸੀਆਂ ਨੂੰ ਰਾਹਤ ਨਹੀਂ ਮਿਲਦੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 2027 ’ਚ ਭਾਜਪਾ ਸਰਕਾਰ ਬਣਾਉਂਦੀ ਹੈ, ਤਾਂ ਮਾਈਨਿੰਗ ਮਾਫੀਆ ’ਤੇ ਸ਼ਿਕੰਜਾ ਕੱਸਣ ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।