ਸੀਵਰੇਜ ਦਾ ਗੰਦਾ ਪਾਣੀ ਘਰਾਂ ਅੰਦਰ ਵੜਿਆ, ਲੋਕ ਪ੍ਰੇਸ਼ਾਨ ਵਾਰਡ ਨੰਬਰ 3 ਵਿੱਚ ਸੀਵਰੇਜ ਦਾ ਗੰਦਾ ਪਾਣੀ ਘਰਾਂ ਅੰਦਰ ਵੜਿਆ, ਲੋਕ ਪ੍ਰੇਸ਼ਾਨ
Publish Date: Thu, 12 Nov 2026 05:57 PM (IST)
Updated Date: Thu, 12 Nov 2026 06:00 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਸ਼ਹਿਰ ਦਿਖਾਉਣ ਦੇ ਦਾਅਵਿਆਂ ਦੀ ਉਸ ਸਮੇਂ ਪੋਲ ਖੁੱਲ੍ਹਦੀ ਨਜ਼ਰ ਆਈ, ਜਦੋਂ ਸ਼ਹਿਰ ਦੇ ਵਾਰਡ ਨੰਬਰ 3 ਦੇ ਵਸਨੀਕ ਪਿਛਲੇ 15 ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਵਾਰਡ ਵਾਸੀ ਰਿਟਾਇਰਡ ਅਧਿਆਪਕ ਮਾਸਟਰ ਪ੍ਰੀਤਮ ਸਿੰਘ ਨੇ ਆਪਣੇ ਘਰ ਅੰਦਰ ਵੜੇ ਸੀਵਰੇਜ ਦੇ ਪਾਣੀ ਦੀਆਂ ਤਸਵੀਰਾਂ ਤੇ ਹਾਲਾਤ ਪੱਤਰਕਾਰਾਂ ਨੂੰ ਦਿਖਾਉਂਦਿਆਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਮਾਸਟਰ ਪ੍ਰੀਤਮ ਸਿੰਘ ਤੇ ਉਨ੍ਹਾਂ ਦੀ ਪਤਨੀ ਨੇ ਦੱਸਿਆ ਕਿ ਪਿਛਲੇ ਕਰੀਬ 15 ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕ ਤੋਂ ਹੁੰਦਾ ਹੋਇਆ ਉਨ੍ਹਾਂ ਦੇ ਘਰ ਦੇ ਵਿਹੜੇ ਤੱਕ ਪਹੁੰਚ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਉਹ ਕਈ ਵਾਰ ਸਬੰਧਤ ਵਿਭਾਗ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਬੇਨਤੀਆਂ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਘਰ ’ਚ ਖੜ੍ਹੇ ਗੰਦੇ ਪਾਣੀ ਕਾਰਨ ਬਦਬੂ ਫੈਲ ਰਹੀ ਹੈ ਤੇ ਪਰਿਵਾਰ ਦਾ ਰਹਿਣਾ ਮੁਸ਼ਕਲ ਹੋ ਗਿਆ ਹੈ। ਇਸ ਤੋਂ ਇਲਾਵਾ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਏ ਕਲਾਸ ਨਗਰ ਕੌਂਸਲ ਹੋਣ ਦੇ ਬਾਵਜੂਦ ਸ਼ਹਿਰ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਕਿਉਂ ਨਹੀਂ ਮਿਲ ਰਹੀਆਂ। ਉਨ੍ਹਾਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੋਂ ਮੰਗ ਕੀਤੀ ਕਿ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਵਾਇਆ ਜਾਵੇ।