- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ

ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ (ਰੋਪੜ) ਵਿਖੇ ਬਾਲ ਦਿਵਸ ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸੱਭਿਆਚਾਰਕ, ਰਚਨਾਤਮਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਦਾ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਬੱਚਿਆਂ ਨੇ ਵੱਖ-ਵੱਖ ਰੂਪ ਧਾਰਨ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਲਈ ਸਪੈਸ਼ਲ ਫੂਡ ਐਕਟੀਵਿਟੀ ਕਰਵਾਈ ਗਈ, ਜਿਸ ’ਚ ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਭਾਗ ਲਿਆ। ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬਾਲ ਦਿਵਸ ਨਾਲ ਸਬੰਧਤ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।
ਦੂਜੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਡਾਂਸ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾਇਆ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਖੁਸ਼ੀ ਸਾਂਝੀ ਕਰਦਿਆਂ ਮਿਠਾਈਆਂ ਵੀ ਵੰਡੀਆਂ ਗਈਆਂ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਨਮੋਲ ਪੂੰਜੀ ਹਨ। ਉਨ੍ਹਾਂ ਕਿਹਾ ਕਿ ਹਰ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ। ਸਕੂਲ ਦਾ ਉਦੇਸ਼ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ, ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਤੇ ਆਤਮ-ਵਿਸ਼ਵਾਸ ਨਾਲ ਜੀਵਨ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੰਤ ’ਚ ਸਮੂਹ ਸਕੂਲ ਸਟਾਫ਼ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ। ਸਮੁੱਚਾ ਸਮਾਗਮ ਬੱਚਿਆਂ ਲਈ ਖੁਸ਼ੀਆਂ ਅਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ।