- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕ ਹਾਦਸਿਆਂ ਨੂੰ ਰੋਕਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਜਾਨਾਂ
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: ਸੜਕ ਹਾਦਸੇ ਅੱਜ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਹਰ ਰੋਜ਼ ਤੇਜ਼ ਰਫ਼ਤਾਰ, ਲਾਪਰਵਾਹੀ, ਨਸ਼ੇ ’ਚ ਵਾਹਨ ਚਲਾਉਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ। ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।
ਟਰੈਫਿਕ ਨਿਯਮ ਪ੍ਰਤੀ ਹੋਵੋ ਜਾਗਰੂਕ
ਟ੍ਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਸਭ ਤੋਂ ਪਹਿਲਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਤੇਜ਼ ਰਫ਼ਤਾਰ ਤੋਂ ਗੁਰੇਜ਼ ਕਰਨਾ, ਲਾਲ ਬੱਤੀ ਪਾਰ ਨਾ ਕਰਨਾ, ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਦੀ ਵਰਤੋਂ ਕਰਦਿਆਂ ਗੱਡੀ ਚਲਾਉਣਾ ਹਾਦਸਿਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ। ਨੌਜਵਾਨਾਂ ਨੂੰ ਖ਼ਾਸ ਤੌਰ ’ਤੇ ਵਾਹਨ ਚਲਾਉਂਦੇ ਸਮੇਂ ਸਟੰਟਬਾਜ਼ੀ ਤੇ ਬੇਲੋੜੀ ਰੇਸ ਲਗਾਉਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ।
ਨੀਂਦ ਆਉਣ ’ਤੇ ਨਾ ਕਰੋ ਡਰਾਈਵਿੰਗ
ਟੈਕਸੀ ਮਾਲਕ ਕੁਲਬੀਰ ਸਿੰਘ ਨੇ ਕਿਹਾ ਕਿ ਸੜਕਾਂ ਉੱਤੇ ਵਾਹਨ ਚਲਾਉਣ ਵਾਲੇ ਪੇਸ਼ੇਵਰ ਡਰਾਈਵਰਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ, ਕਿਉਂਕਿ ਉਨ੍ਹਾਂ ਦੀ ਗੱਡੀ ’ਚ ਸਵਾਰੀਆਂ ਦੀਆਂ ਜਾਨਾਂ ਵੀ ਉਨ੍ਹਾਂ ਦੇ ਹੱਥਾਂ ’ਚ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਲੰਬੇ ਸਫ਼ਰ ਤੋਂ ਪਹਿਲਾਂ ਵਾਹਨ ਦੀ ਚੰਗੀ ਤਰ੍ਹਾਂ ਜਾਂਚ ਕਰਨੀ, ਟਾਇਰਾਂ, ਬਰੇਕਾਂ ਅਤੇ ਲਾਈਟਾਂ ਦੀ ਹਾਲਤ ਠੀਕ ਰੱਖਣੀ ਜ਼ਰੂਰੀ ਹੈ। ਥਕਾਵਟ ਜਾਂ ਨੀਂਦ ਆਉਣ ਦੀ ਸਥਿਤੀ ’ਚ ਡਰਾਈਵਿੰਗ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਵਾਰੀਆਂ ਨੂੰ ਸਮੇਂ ਸਿਰ ਮੰਜ਼ਿਲ 'ਤੇ ਪਹੁੰਚਾਉਣ ਦੀ ਕਾਹਲੀ ’ਚ ਆਪਣੀ ਅਤੇ ਦੂਜਿਆਂ ਦੀ ਜ਼ਿੰਦਗੀ ਖ਼ਤਰੇ ’ਚ ਨਹੀਂ ਪਾਉਣੀ ਚਾਹੀਦੀ। ਹਰ ਡਰਾਈਵਰ ਨੂੰ ਸੜਕ ਉੱਤੇ ਦੂਜਿਆਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।
ਜਖ਼ਮੀ ਵਿਅਕਤੀ ਦੀ ਕਰੋ ਮਦਦ
ਡਾਕਟਰ ਭਰਤ ਜਸਵਾਲ ਨੇ ਕਿਹਾ ਕਿ ਸੜਕ ਹਾਦਸਿਆਂ ਦਾ ਅਸਰ ਸਿਰਫ਼ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਪੂਰਾ ਪਰਿਵਾਰ ਇਸ ਦੀ ਪੀੜ ਭੁਗਤਦਾ ਹੈ। ਕਈ ਵਾਰ ਗੰਭੀਰ ਸੱਟਾਂ ਕਾਰਨ ਵਿਅਕਤੀ ਸਾਰੀ ਉਮਰ ਲਈ ਅਪਾਹਜ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਸਮੇਂ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਮੁੱਢਲੀ ਸਹਾਇਤਾ ਤੇ ਹਸਪਤਾਲ ਪਹੁੰਚਾਉਣਾ ਬੇਹੱਦ ਮਹੱਤਵਪੂਰਨ ਹੈ। ਲੋਕਾਂ ਨੂੰ ਐਮਰਜੈਂਸੀ ਸਹਾਇਤਾ ਦੇਣ ਬਾਰੇ ਮੁੱਢਲੀ ਜਾਣਕਾਰੀ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮਦਦ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਵਧਾਨੀ, ਜਾਗਰੂਕਤਾ ਤੇ ਸਮੇਂ ਸਿਰ ਇਲਾਜ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।