ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ’ਤੇ ਧੂਮਧਾਮ ਨਾਲ ਮਨਾਇਆ
Publish Date: Mon, 16 Nov 2026 05:36 PM (IST)
Updated Date: Mon, 16 Nov 2026 05:39 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ : ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਸੋਮਵਾਰ ਤੜਕਸਾਰ ਤੋਂ ਹੀ ਲੋਕਲ ਪਿੰਡਾਂ ਦੀ ਸੰਗਤ ਤੇ ਦੂਰ ਦੁਰਾਡੇ ਪਿੰਡਾਂ ਤੇ ਕਸਬਿਆਂ ਦੀ ਸੰਗਤ ਪੈਦਲ ਤੇ ਆਪਣੇ-ਆਪਣੇ ਵਾਹਨਾਂ ’ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ, ਡੇਰਾ ਬਾਬਾ ਸ਼੍ਰੀ ਚੰਦ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਪਤਾਲਪੁਰੀ ਸਾਹਿਬ ਆਦਿ ਧਾਰਮਿਕ ਅਸਥਾਨਾਂ ਉੱਪਰ ਪਹੁੰਚ ਰਹੇ ਸਨ। ਇਸ ਮੌਕੇ ਸੰਗਤਾਂ ਵੱਲੋਂ ਮੱਥਾ ਟੇਕ ਕੇ ਜਿੱਥੇ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ ਗਈ ਉੱਥੇ ਹੀ ਉਨ੍ਹਾਂ ਨੇ ਵਿਸ਼ਵ ਦੀ ਸੁੱਖ ਸ਼ਾਂਤੀ ਤੇ ਕਲਿਆਣ ਦੀ ਕਾਮਨਾ ਵੀ ਕੀਤੀ। ਇਸ ਮੌਕੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਬਾੜੀਆਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਅਸਥਾਨ ਉੱਪਰ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ। ਇਸ ਮੌਕੇ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ’ਚ ਰਾਗੀ, ਢਾਡੀ, ਕਵੀਸ਼ਰੀ ਤੇ ਕਥਾਵਾਚਕਾਂ ਵੱਲੋਂ ਸੰਗਤ ਨੂੰ ਕੀਰਤਨ, ਵਾਰਾਂ ,ਅਤੇ ਕਥਾ ਰਾਹੀਂ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਸੰਗਤ ਦੀ ਆਮਦ ਨੂੰ ਧਿਆਨ ’ਚ ਰੱਖਦੇ ਹੋਏ ਗੁਰੂ ਦੇ ਲੰਗਰ, ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਇਲਾਵਾ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਦੇ ਅਸਥਾਨ ਉੱਪਰ ਵੀ ਦਰਗਾਹ ਦੇ ਮਹੰਤ ਮੋਹਿਤਮਿਮ ਬਾਬਾ ਦਿਲਬਾਗ ਮੁਹੰਮਦ ਸ਼ਾਹ ਦੀ ਅਗਵਾਈ ਹੇਠ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਗੁਰੂ ਦਾ ਲੰਗਰ ਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ ਸੀ। ਇਸ ਤੋਂ ਇਲਾਵਾ ਬਾਬਾ ਗੁਰਬਚਨ ਸਿੰਘ ਫੇਰੂਮਾਨ ਦੇ ਡੇਰੇ ਦੇ ਮੁੱਖ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਟੀਨਾ ਦੀ ਅਗਵਾਈ ਹੇਠ ਸੰਗਤ ਲਈ ਗੁਰੂ ਦਾ ਲੰਗਰ ਤੇ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵੱਲੋਂ ਵੀ ਡੇਰਾ ਬਾਬਾ ਸ਼੍ਰੀ ਚੰਦ ਜੀ ਵਿਖੇ ਸੰਗਤ ਲਈ ਗੁਰੂ ਦਾ ਲੰਗਰ ਲਗਾਇਆ ਗਿਆ ਸੀ। ਟਰੈਫਿਕ ਪੁਲਿਸ ਵੱਲੋਂ ਵੀ ਆਵਾਜਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।