- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ ਦਿੱਤੀਆਂ ਮੁਬਾਰਕਾਂ

ਪ੍ਰੈੱਸ ਲੋਕਤੰਤਰ ਦਾ ਅਹਿਮ ਥੰਮ : ਹਿਮਾਂਸ਼ੂ ਟੰਡਨ
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ: ਲੋਕਤੰਤਰਿਕ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੈੱਸ ਦੀ ਭੂਮਿਕਾ ਬੇਹੱਦ ਅਹਿਮ ਹੈ। ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਜਾਣਿਆ ਜਾਂਦਾ ਮੀਡੀਆ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਰਾਸ਼ਟਰੀ ਪ੍ਰੈਸ ਦਿਵਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਹਿਮਾਂਸ਼ੂ ਟੰਡਨ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਮਹੱਤਵਪੂਰਨ ਥੰਮ੍ਹ ਹੈ। ਪੱਤਰਕਾਰ ਆਪਣੀ ਕਲਮ ਰਾਹੀਂ ਸਮਾਜ ਦੀਆਂ ਸਮੱਸਿਆਵਾਂ, ਲੋਕਾਂ ਦੀਆਂ ਮੁਸ਼ਕਲਾਂ ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕਾਂ ਸਾਹਮਣੇ ਲਿਆਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨਿਰਪੱਖ ਤੇ ਨਿਡਰ ਪੱਤਰਕਾਰੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਲੋਕਤੰਤਰ ਨੂੰ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਪੱਤਰਕਾਰਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।
ਸਮਾਜ ਦੀ ਆਵਾਜ਼ ਬਣ ਕੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ ਪੱਤਰਕਾਰ: ਰਜਨੀਸ਼ ਜੋਸ਼ੀ
ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਐਮ.ਸੀ. ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਰਜਨੀਸ਼ ਜੋਸ਼ੀ ਨੇ ਰਾਸ਼ਟਰੀ ਪ੍ਰੈਸ ਦਿਵਸ ਮੌਕੇ ਪੱਤਰਕਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰ ਸਮਾਜ ਦੀ ਆਵਾਜ਼ ਬਣ ਕੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਹਨ। ਪੱਤਰਕਾਰਾਂ ਦੀ ਬਦੌਲਤ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਸਬੰਧਤ ਵਿਭਾਗਾਂ ਤੇ ਪ੍ਰਸ਼ਾਸਨ ਤੱਕ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰੀ ਸਿਰਫ਼ ਖ਼ਬਰਾਂ ਪ੍ਰਕਾਸ਼ਿਤ ਕਰਨ ਤੱਕ ਸੀਮਤ ਨਹੀਂ, ਸਗੋਂ ਇਹ ਸਮਾਜ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਇਸੇ ਤਰ੍ਹਾਂ ਲੋਕ ਹਿੱਤ ਦੇ ਮੁੱਦੇ ਉਠਾਉਂਦੇ ਰਹਿਣ ਦੀ ਅਪੀਲ ਕੀਤੀ।
ਪੱਤਰਕਾਰਾਂ ਦੀ ਮਿਹਨਤ ਸਦਕਾ ਲੋਕਾਂ ਤੱਕ ਪਹੁੰਚਦੀਆਂ ਹਨ ਸੱਚਾਈਆਂ : ਸੁਰਿੰਦਰ ਪਾਲ ਕੋੜਾ
ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਾਬਕਾ ਪ੍ਰਧਾਨ ਸੁਰਿੰਦਰ ਪਾਲ ਕੋੜਾ ਨੇ ਵੀ ਰਾਸ਼ਟਰੀ ਪ੍ਰੈਸ ਦਿਵਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰ ਸਮਾਜ ’ਚ ਵਾਪਰ ਰਹੀਆਂ ਘਟਨਾਵਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਕਲਮ ਰਾਹੀਂ ਉਜਾਗਰ ਕਰਕੇ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਕਈ ਵਾਰ ਮੁਸ਼ਕਲ ਹਾਲਾਤਾਂ ’ਚ ਵੀ ਆਪਣਾ ਫਰਜ਼ ਨਿਭਾਉਣਾ ਪੈਂਦਾ ਹੈ। ਉਨ੍ਹਾਂ ਦੀ ਮਿਹਨਤ ਤੇ ਸਮਰਪਣ ਸਦਕਾ ਹੀ ਲੋਕਾਂ ਨੂੰ ਦੇਸ਼-ਦੁਨੀਆ ਦੇ ਨਾਲ-ਨਾਲ ਆਪਣੇ ਇਲਾਕੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦਾ ਸਨਮਾਨ ਕਰਨਾ ਤੇ ਉਨ੍ਹਾਂ ਦੀ ਆਜ਼ਾਦੀ ਤੇ ਨਿਰਪੱਖਤਾ ਦਾ ਸਤਿਕਾਰ ਕਰਨਾ ਸਮਾਜ ਦੇ ਹਰੇਕ ਵਰਗ ਦੀ ਜ਼ਿੰਮੇਵਾਰੀ ਹੈ।
ਪੱਤਰਕਾਰ ਸਮਾਜ ਦਾ ਸ਼ੀਸ਼ਾ ਤੇ ਲੋਕਤੰਤਰ ਦੀ ਮਜ਼ਬੂਤ ਆਵਾਜ਼ ਹਨ: ਲੈਕਚਰਾਰ ਅਮਰਜੀਤ ਸਿੰਘ ਲਾਡੀ
ਰਾਸ਼ਟਰੀ ਪ੍ਰੈਸ ਦਿਵਸ ਮੌਕੇ ਲੈਕਚਰਾਰ ਅਮਰਜੀਤ ਸਿੰਘ ਲਾਡੀ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰ ਸਮਾਜ ਦਾ ਸ਼ੀਸ਼ਾ ਹੁੰਦੇ ਹਨ, ਜੋ ਆਪਣੀ ਕਲਮ ਰਾਹੀਂ ਸਮਾਜ ਦੀਆਂ ਚੰਗਿਆਈਆਂ ਤੇ ਕਮੀਆਂ ਨੂੰ ਲੋਕਾਂ ਸਾਹਮਣੇ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਜ਼ਿੰਮੇਵਾਰੀ ਸਿਰਫ਼ ਖ਼ਬਰਾਂ ਲੋਕਾਂ ਤੱਕ ਪਹੁੰਚਾਉਣ ਤੱਕ ਸੀਮਤ ਨਹੀਂ, ਸਗੋਂ ਸਮਾਜ ’ਚ ਜਾਗਰੂਕਤਾ ਪੈਦਾ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਸਹੀ, ਨਿਰਪੱਖ ਤੇ ਤੱਥਾਂ ’ਤੇ ਆਧਾਰਿਤ ਪੱਤਰਕਾਰੀ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ। ਉਨ੍ਹਾਂ ਪੱਤਰਕਾਰਾਂ ਵੱਲੋਂ ਆਪਣੀਆਂ ਸਮਾਜਿਕ ਤੇ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।