ਸਫਾਈ ਸੇਵਕਾਂ ਦੀਆਂ ਮੰਗਾਂ ਹੱਲ ਨਾ ਹੋਈਆਂ ਤਾਂ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਹਰਦੀਪ ਸਿੰਘ ਗਿੱਲ ਸਫਾਈ ਸੇਵਕਾਂ ਦੀਆਂ ਮੰਗਾਂ ਡੇਢ ਮਹੀਨੇ ’ਚ ਹੱਲ ਨਾ ਹੋਈਆਂ ਤਾਂ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਹਰਦੀਪ ਸਿੰਘ ਗਿੱਲ
Publish Date: Mon, 16 Nov 2026 06:32 PM (IST)
Updated Date: Mon, 16 Nov 2026 06:33 PM (IST)
ਐੱਸਡੀਐੱਮ ਦਫ਼ਤਰ ’ਚ ਸੁਣੀਆਂ ਮੁਸ਼ਕਿਲਾਂ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ: ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅੱਜ ਇੱਥੇ ਐੱਸਡੀਐੱਮ ਦਫ਼ਤਰ ਦੇ ਮੀਟਿੰਗ ਹਾਲ ’ਚ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਨੰਗਲ, ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਮੋਰਿੰਡਾ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਰੱਖੀਆਂ। ਮੀਟਿੰਗ ’ਚ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਰੂਪਨਗਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ’ਤੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਜਤਿੰਦਰ ਸਿੰਘ ਅਠਵਾਲ, ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੰਦੀਪ ਕੁਮਾਰ, ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦੇ ਮੌਜੂਦ ਸਨ। ਗਿੱਲ ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਪ੍ਰੋਵੀਡੈਂਟ ਫੰਡ, ਮਹਿਲਾ ਸਫ਼ਾਈ ਕਰਮਚਾਰੀਆਂ ਲਈ ਬੈਠਣ ਵਾਸਤੇ ਬੂਥ, ਤਿੰਨ ਮਹੀਨਿਆਂ ਬਾਅਦ ਮੈਡੀਕਲ ਜਾਂਚ ਤੇ ਹੋਰ ਸਹੂਲਤਾਂ ਸਬੰਧੀ ਮੰਗਾਂ ਰੱਖੀਆਂ ਗਈਆਂ ਹਨ। ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਇੱਕ ਤੋਂ ਡੇਢ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਨਿਰਧਾਰਤ ਸਮੇਂ ’ਚ ਕਾਰਵਾਈ ਨਾ ਹੋਣ ’ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਮਿਸ਼ਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਨਮਸਤੇ ਤੇ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਵੀ ਸਫ਼ਾਈ ਕਰਮਚਾਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੀਆਂ ਸਮੱਸਆਵਾਂ ਨੂੰ ਇੰਨਬਿੰਨ ਲਾਗੂ ਨਹੀਂ ਕਰ ਰਹੀ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਫ਼ਾਈ ਸੇਵਕਾਂ ਲਈ ਮੋਹ ’ਤੇ ਪਿਆਰ ਦੀ ਭਾਵਨਾ ਰੱਖਦੇ ਹਨ ’ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡੀ ਪ੍ਰਤਮਿਕਤਾ ਹੈ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਮਿਸ਼ਨ ਨੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣੀਆਂ ਹਨ ਤੇ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਦੇ ਨਿਰਦੇਸ਼ ਦਿੱਤੇ ਹਨ।