ਹਰਜੋਤ ਬੈਂਸ ਦੇ ਦਾਅਵਿਆਂ ਦੀ ਚੋਣਾਂ ਤੋਂ ਪਹਿਲਾਂ ਖੁੱਲ੍ਹਣ ਲੱਗੀ ਪੋਲ : ਬਲਰਾਮ ਪਰਾਸ਼ਰ ਹਰਜੋਤ ਬੈਂਸ ਦੇ ਦਾਅਵਿਆਂ ਦੀ ਪੋਲ ਚੋਣਾਂ ਤੋਂ ਪਹਿਲਾਂ ਖੁੱਲ੍ਹਣ ਲੱਗੀ: ਬਲਰਾਮ ਪਰਾਸ਼ਰ
Publish Date: Mon, 16 Nov 2026 06:42 PM (IST)
Updated Date: Mon, 16 Nov 2026 06:45 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸ੍ਰੀ ਅਨੰਦਪੁਰ ਸਾਹਿਬ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਭਾਜਪਾ ਦੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਨੇ ਕੈਬਨਿਟ ਮੰਤਰੀ ਤੇ ਸਥਾਨਕ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸ਼ਹਿਰ ਦੀਆਂ ਮਾੜੀਆਂ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਬਲਰਾਮ ਪਰਾਸ਼ਰ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਵੀਡੀਓਜ਼ ਸਾਂਝੀਆਂ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਗਲੀਆਂ, ਨਾਲੀਆਂ ਤੇ ਸੀਵਰੇਜ ਪ੍ਰਬੰਧਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ, ਪਰ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਹੋਇਆ। ਲੋਕਾਂ ਵੱਲੋਂ ਟੈਕਸਾਂ ਦੇ ਰੂਪ ’ਚ ਦਿੱਤੇ ਜਾਂਦੇ ਪੈਸੇ ਦੀ ਵਰਤੋਂ ਕਿੱਥੇ ਹੋ ਰਹੀ ਹੈ, ਇਸ ਦਾ ਜਵਾਬ ਮੰਤਰੀ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਇਸ ਸ਼ਹਿਰ ’ਚ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਸ਼ਰਧਾਲੂ ਪਹੁੰਚਦੇ ਹਨ, ਪਰ ਸਫਾਈ ਤੇ ਬੁਨਿਆਦੀ ਢਾਂਚੇ ਦੀ ਮਾੜੀ ਹਾਲਤ ਸ਼ਹਿਰ ਵਾਸੀਆਂ ਦੇ ਨਾਲ-ਨਾਲ ਇੱਥੇ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਪਰਾਸ਼ਰ ਨੇ ਦਾਅਵਾ ਕੀਤਾ ਕਿ ਚੋਣ ਜ਼ਾਬਤਾ ਲਾਗੂ ਹੋਣ ’ਚ 30 ਤੋਂ 40 ਦਿਨ ਬਾਕੀ ਹਨ ਤੇ ਮੰਤਰੀ ਦੇ ਦਾਅਵਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਧਿਰ ਵਜੋਂ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ ਤੇ 2027 ’ਚ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਲਿਆ ਜਾਵੇਗਾ।