ਭਲਕੇ ਨੂਰਪੁਰਬੇਦੀ ਵਿਖੇ ਲੱਗੇਗਾ 'ਆਲ ਸਬਜੈਕਟਸ ਮੇਲਾ' ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਿਲੇਗਾ ਮੰਚ 19 ਨਵੰਬਰ ਨੂੰ ਨੂਰਪੁਰਬੇਦੀ ਵਿਖੇ ਲੱਗੇਗਾ 'ਆਲ ਸਬਜੈਕਟਸ ਮੇਲਾ'
Publish Date: Tue, 17 Nov 2026 04:19 PM (IST)
Updated Date: Tue, 17 Nov 2026 04:21 PM (IST)
ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲਾਂ ਰਾਹੀਂ ਦਿਖਾਉਣਗੇ ਹੁਨਰ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਤੌਰ ’ਤੇ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਤੇ ਵੱਖ-ਵੱਖ ਵਿਸ਼ਿਆਂ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਵਧਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ 19 ਨਵੰਬਰ ਨੂੰ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰਬੇਦੀ ਵਿਖੇ ਬਲਾਕ ਪੱਧਰੀ ‘ਆਲ ਸਬਜੈਕਟਸ ਮੇਲਾ’ ਕਰਵਾਇਆ ਜਾ ਰਿਹਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ’ਚ ਸਿੱਖਿਆ ਬਲਾਕ ਤਖਤਗੜ੍ਹ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਕੂਲ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੇਲੇ ਦੌਰਾਨ ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲਾਂ, ਪ੍ਰੋਜੈਕਟਾਂ, ਪ੍ਰਯੋਗਾਂ ਤੇ ਹੋਰ ਸਿੱਖਿਆਤਮਕ ਗਤੀਵਿਧੀਆਂ ਰਾਹੀਂ ਆਪਣੀ ਸਿਰਜਣਾਤਮਕ ਸੋਚ ਤੇ ਵਿਸ਼ੇ ਪ੍ਰਤੀ ਸਮਝ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਸਿੱਖਿਆ ਮੇਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਸੀਮਤ ਨਾ ਰੱਖ ਕੇ ਉਨ੍ਹਾਂ ਨੂੰ ਆਪਣੇ ਹੱਥੀਂ ਕੰਮ ਕਰਕੇ ਤੇ ਤਜਰਬਿਆਂ ਰਾਹੀਂ ਨਵੀਆਂ ਗੱਲਾਂ ਸਿੱਖਣ ਲਈ ਪ੍ਰੇਰਿਤ ਕਰਨਾ ਹੈ। ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਸੋਚਣ ਤੇ ਸਮਝਣ ਦੀ ਸਮਰੱਥਾ ’ਚ ਵਾਧਾ ਹੁੰਦਾ ਹੈ, ਉੱਥੇ ਹੀ ਔਖੇ ਮੰਨੇ ਜਾਂਦੇ ਵਿਸ਼ਿਆਂ ਨੂੰ ਵੀ ਮਾਡਲਾਂ ਤੇ ਪ੍ਰਯੋਗਾਂ ਰਾਹੀਂ ਆਸਾਨੀ ਨਾਲ ਸਮਝਣ ’ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣੇ ਵਿਚਾਰ ਤੇ ਤਜਰਬੇ ਸਾਂਝੇ ਕਰਨ ਦਾ ਮੰਚ ਵੀ ਮਿਲੇਗਾ। ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਡੀਜੀਐਸਈ ਪੰਜਾਬ ਵੱਲੋਂ ਇਸ ਮੇਲੇ ਲਈ ਕੁੱਲ ਛੇ ਥੀਮ ਨਿਰਧਾਰਤ ਕੀਤੀਆਂ ਗਈਆਂ ਹਨ। ਉਨ੍ਹਾਂ ਬਲਾਕ ਤਖਤਗੜ੍ਹ ਦੇ ਸਮੂਹ ਸਕੂਲ ਮੁਖੀਆਂ ਤੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਘੱਟੋ-ਘੱਟ ਇੱਕ ਥੀਮ ’ਚ ਆਪਣੇ ਸਕੂਲ ਦੀ ਭਾਗੀਦਾਰੀ ਜ਼ਰੂਰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੇਲੇ ਸਬੰਧੀ ਤਿਆਰ ਕੀਤੀ ਜਾਣ ਵਾਲੀ ਰਿਪੋਰਟ 19 ਨਵੰਬਰ ਨੂੰ ਡੀਜੀਐੱਸਈ ਪੰਜਾਬ ਦੇ ਦਫ਼ਤਰ ਵਿਖੇ ਭੇਜੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਵਾਲੇ ਦਿਨ ਸਵੇਰੇ 10 ਵਜੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਉਪਰੰਤ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮੁਕਾਬਲੇ ਕਰਵਾਏ ਜਾਣਗੇ। ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਦੁਪਹਿਰ 1.30 ਵਜੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।