ਬੱਚਿਆਂ ਦਾ ਜਿਨਸੀ ਸ਼ੋਸ਼ਣ ਰੋਕਣਾ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ : ਹਰਜੀਤ ਕੌਰ ਬੱਚਿਆਂ ਦਾ ਜਿਨਸੀ ਸ਼ੋਸ਼ਣ ਰੋਕਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਹਰਜੀਤ ਕੌਰ
Publish Date: Tue, 17 Nov 2026 07:15 PM (IST)
Updated Date: Tue, 17 Nov 2026 07:18 PM (IST)
ਵਿਸ਼ਵ ਦਿਵਸ ਮੌਕੇ ਬੱਚਿਆਂ ਦੀ ਸੁਰੱਖਿਆ, ਸਨਮਾਨ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : 18 ਨਵੰਬਰ ਨੂੰ ਬੱਚਿਆਂ ਦੇ ਜਿਨਸੀ ਸ਼ੋਸ਼ਣ, ਦੁਰਵਿਵਹਾਰ ਤੇ ਹਿੰਸਾ ਦੀ ਰੋਕਥਾਮ ਤੇ ਪੀੜਤਾਂ ਦੀ ਸਹਾਇਤਾ ਲਈ ਵਿਸ਼ਵ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਸੁਰੱਖਿਅਤ ਰੱਖਣਾ ਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸਮਾਜ ਨੂੰ ਜਾਗਰੂਕ ਕਰਨਾ ਹੈ। ਇਸ ਸਬੰਧੀ ਮਾਤਾ ਜੀਤੋ ਜੀ ਚਾਚਾ ਬੱਚਾ ਸੰਸਥਾ ਦੀ ਪ੍ਰਧਾਨ ਹਰਜੀਤ ਕੌਰ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਸੁਰੱਖਿਆ ਕਰਨਾ ਹਰ ਮਾਪੇ, ਅਧਿਆਪਕ ਤੇ ਸਮਾਜਿਕ ਸੰਸਥਾ ਦੀ ਮੁੱਢਲੀ ਜ਼ਿੰਮੇਵਾਰੀ ਹੈ। ਬੱਚਿਆਂ ਨਾਲ ਹੋਣ ਵਾਲਾ ਕਿਸੇ ਵੀ ਤਰ੍ਹਾਂ ਦਾ ਸ਼ੋਸ਼ਣ ਉਨ੍ਹਾਂ ਦੇ ਮਾਨਸਿਕ ਤੇ ਸ਼ਰੀਰਕ ਵਿਕਾਸ ਉੱਤੇ ਡੂੰਘਾ ਪ੍ਰਭਾਵ ਪਾਉਂਦਾ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਹਰਜੀਤ ਕੌਰ ਨੇ ਕਿਹਾ ਕਿ ਅਕਸਰ ਬੱਚੇ ਡਰ, ਝਿਜਕ ਜਾਂ ਸਮਾਜਿਕ ਦਬਾਅ ਕਾਰਨ ਆਪਣੇ ਨਾਲ ਵਾਪਰੀਆਂ ਮਾੜੀਆਂ ਘਟਨਾਵਾਂ ਬਾਰੇ ਮਾਪਿਆਂ ਨੂੰ ਦੱਸਣ ਤੋਂ ਕਤਰਾਉਂਦੇ ਹਨ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾਉਣ ਤਾਂ ਜੋ ਬੱਚੇ ਬਿਨ੍ਹਾਂ ਕਿਸੇ ਡਰ ਦੇ ਆਪਣੀ ਹਰ ਗੱਲ ਸਾਂਝੀ ਕਰ ਸਕਣ। ਬੱਚਿਆਂ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਚੰਗੇ ਤੇ ਮਾੜੇ ਸਪਰਸ਼ ਬਾਰੇ ਜਾਣਕਾਰੀ ਦੇਣੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ’ਚ ਵੀ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ। ਜੇਕਰ ਕੋਈ ਬੱਚਾ ਆਪਣੇ ਨਾਲ ਹੋਈ ਗਲਤ ਹਰਕਤ ਬਾਰੇ ਦੱਸਦਾ ਹੈ ਤਾਂ ਉਸ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਤੇ ਉਸ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਸਹਿਯੋਗ ਦਿੱਤਾ ਜਾਵੇ। ਅੰਤ ’ਚ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ, ਖੁਸ਼ਹਾਲ ਤੇ ਡਰ-ਮੁਕਤ ਮਾਹੌਲ ਦੇਣਾ ਹੀ ਇਸ ਦਿਵਸ ਨੂੰ ਮਨਾਉਣ ਦਾ ਅਸਲ ਮਕਸਦ ਹੈ। ਬੱਚਿਆਂ ਦੀ ਰੱਖਿਆ ਸਿਰਫ਼ ਇੱਕ ਦਿਨ ਦਾ ਸੰਦੇਸ਼ ਨਹੀਂ, ਸਗੋਂ ਹਰ ਰੋਜ਼ ਨਿਭਾਈ ਜਾਣ ਵਾਲੀ ਸਮਾਜਿਕ ਜ਼ਿੰਮੇਵਾਰੀ ਹੈ।