ਪੀਸੀਐੱਸ ਭਰਤੀ ਵਿਵਾਦ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਇਸ਼ੂਪਾਲ ਚੌਧਰੀ ਪੀਸੀਐਸ ਭਰਤੀ ਵਿਵਾਦ ਨੇ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਇਸ਼ੂਪਾਲ ਚੌਧਰੀ
Publish Date: Wed, 18 Nov 2026 03:57 PM (IST)
Updated Date: Wed, 18 Nov 2026 03:57 PM (IST)
ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭਰਤੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪੀਸੀਐੱਸ ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਉੱਠ ਰਹੇ ਸਵਾਲਾਂ ਨੇ ਪੰਜਾਬ ਸਰਕਾਰ ਦੀ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਗੱਲ ਹਲਕਾ ਰੂਪਨਗਰ ਤੋਂ ਸਰਗਰਮ ਭਾਜਪਾ ਆਗੂ ਤੇ ਜਲੰਧਰ ਦਿਹਾਤੀ ਉੱਤਰੀ ਦੇ ਜ਼ਿਲ੍ਹਾ ਇੰਚਾਰਜ ਇਸ਼ੂਪਾਲ ਚੌਧਰੀ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਸੁਪਨੇ ਦੇਖਦੇ ਹਨ, ਪਰ ਜਦੋਂ ਭਰਤੀ ਪ੍ਰਕਿਰਿਆ ਹੀ ਸਵਾਲਾਂ ਦੇ ਘੇਰੇ ’ਚ ਆ ਜਾਵੇ ਤਾਂ ਨੌਜਵਾਨਾਂ ਦਾ ਪ੍ਰਬੰਧਕੀ ਪ੍ਰਣਾਲੀ ਤੋਂ ਭਰੋਸਾ ਉੱਠਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਹਰ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਭਰਤੀ ਪ੍ਰਕਿਰਿਆ ਨੂੰ ਲੈ ਕੇ ਉੱਠ ਰਹੇ ਸਵਾਲ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਕਿਸੇ ਦੀ ਸਿਫ਼ਾਰਸ਼, ਪਹੁੰਚ ਜਾਂ ਸਿਆਸੀ ਪ੍ਰਭਾਵ ਦੇ ਆਧਾਰ ’ਤੇ ਨਹੀਂ, ਸਗੋਂ ਨੌਜਵਾਨਾਂ ਦੀ ਯੋਗਤਾ ਤੇ ਮਿਹਨਤ ਦੇ ਆਧਾਰ ’ਤੇ ਮਿਲਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਭਰਤੀ ਪ੍ਰਕਿਰਿਆ ’ਚ ਉੱਠੇ ਇਤਰਾਜ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਲੋੜ ਪੈਣ ’ਤੇ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਈ ਜਾਵੇ। ਜਾਂਚ ਪੂਰੀ ਹੋਣ ਤੱਕ ਵਿਵਾਦਿਤ ਭਰਤੀ ਦੇ ਅਗਲੇ ਪੜਾਅ ਬਾਰੇ ਵੀ ਸਪੱਸ਼ਟ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ ਤੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੂੰ ਸਿਰਫ਼ ਇਸ਼ਤਿਹਾਰਾਂ ਤੇ ਬਿਆਨਾਂ ਰਾਹੀਂ ਨੌਕਰੀਆਂ ਦੇਣ ਦੇ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਉਣੀ ਚਾਹੀਦੀ ਹੈ। ਨੌਜਵਾਨਾਂ ਨੂੰ ਜਵਾਬ ਚਾਹੀਦਾ ਹੈ, ਭਰੋਸੇ ਦੇ ਨਾਅਰੇ ਨਹੀਂ।