ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਲੀ ਨਵੀਂ ਸੌਗਾਤ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਲੀ ਨਵੀਂ ਸੌਗਾਤ
Publish Date: Wed, 18 Nov 2026 04:00 PM (IST)
Updated Date: Wed, 18 Nov 2026 04:00 PM (IST)
ਦੇਸ਼ ਰਾਜ ਸੈਣੀ ਤੇ ਹੇਮੰਤ ਸੈਣੀ ਨੇ ਕੀਤਾ ਨਵੇਂ ਕਮਰੇ ਦਾ ਉਦਘਾਟਨ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਵੀਂ ਸੌਗਾਤ ਮਿਲੀ। ਸਕੂਲ ਵਿਖੇ ਨਵੇਂ ਉਸਾਰੇ ਗਏ ਐਡੀਸ਼ਨਲ ਕਮਰੇ ਦਾ ਉਦਘਾਟਨ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ਼ ਰਾਜ ਸੈਣੀ ਤੇ ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਹ ਸਮਾਗਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਕਮਰੇ ਦੀ ਉਸਾਰੀ ਨਾਲ ਸਕੂਲ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੇਰੇ ਜਗ੍ਹਾ ਤੇ ਸੁਖਾਵਾਂ ਵਾਤਾਵਰਨ ਮਿਲੇਗਾ, ਜਿਸ ਨਾਲ ਉਨ੍ਹਾਂ ਦੀਆਂ ਵਿਦਿਅਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਤੇ ਵਧੀਆ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਪਿੰਡ ਦੀ ਸਰਪੰਚ ਸੁਸ਼ਮਾ ਦੇਵੀ, ਸ਼ਿਵ ਸਿੰਘ, ਜਸਵੀਰ ਸਿੰਘ, ਪੰਚ ਹੁਸਨ ਚੰਦ, ਲਖਵੀਰ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ, ਸੀਤਾ ਰਾਮ, ਜਗਦੀਸ਼ ਰਾਮ, ਮਾਸਟਰ ਕਮਲ, ਸਰਬਜੀਤ ਕਾਲਾ, ਦੀਦਾਰ ਸਿੰਘ, ਰਣਜੀਤ ਸਿੰਘ, ਹਰਜਿੰਦਰ ਕੌਰ ਪੰਚ, ਸਕੂਲ ਦੀ ਹੈੱਡ ਟੀਚਰ ਪੂਨਮ ਸ਼ਰਮਾ, ਅਮਨਿੰਦਰ ਕੌਰ ਤੇ ਸੰਜੀਵ ਕੁਮਾਰ ਸਮੇਤ ਪਿੰਡ ਵਾਸੀ ਤੇ ਸਕੂਲ ਸਟਾਫ਼ ਹਾਜ਼ਰ ਸਨ।