- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਸੀ./ਬੀ.ਸੀ. ਯੂਨੀਅਨ ਵੱਲੋਂ ਘਨੌਲੀ ਚੌਕੀ ਦੇ ਨਵੇਂ ਇੰਚਾਰਜ ਗੁਰਿੰਦਰ ਸਿੰਘ ਨਾਲ ਮੁਲਾਕਾਤ

ਇਲਾਕੇ ਦੇ ਮਸਲਿਆਂ ਤੇ ਨਸ਼ਿਆਂ ਦੇ ਖਾਤਮੇ ਸਬੰਧੀ ਹੋਈ ਵਿਚਾਰ ਚਰਚਾ
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਐੱਸ.ਸੀ./ਬੀ.ਸੀ. ਯੂਨੀਅਨ ਦੇ ਵਫ਼ਦ ਵੱਲੋਂ ਇਲਾਕੇ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਘਨੌਲੀ ਪੁਲਿਸ ਚੌਕੀ ਦੇ ਨਵੇਂ ਇੰਚਾਰਜ ਏ.ਐੱਸ.ਆਈ. ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਜੱਗੀ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਵੱਲੋਂ ਗੁਰਿੰਦਰ ਸਿੰਘ ਦਾ ਘਨੌਲੀ ਚੌਕੀ ਦਾ ਅਹੁਦਾ ਸੰਭਾਲਣ ’ਤੇ ਸਵਾਗਤ ਕੀਤਾ ਗਿਆ ਤੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਚੌਕੀ ਇੰਚਾਰਜ ਏ.ਐੱਸ.ਆਈ. ਗੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੂੰਹੋਂ ਕਲੋਨੀ ਸਮੇਤ ਇਲਾਕੇ ਦੇ ਕਈ ਪਿੰਡਾਂ ’ਚ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਤੇ ਨਸ਼ੇੜੀਆਂ ਵਿਰੁੱਧ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਲਾਕੇ ’ਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਟੀਮ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਦਾ ਮੁੱਖ ਉਦੇਸ਼ ਇਲਾਕੇ ’ਚ ਸ਼ਾਂਤਮਈ ਮਾਹੌਲ ਕਾਇਮ ਰੱਖਣਾ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਜੱਗੀ, ਜਨਰਲ ਸਕੱਤਰ ਤਰੁਣ ਲੋਤਰਾ, ਜਸਕਰਨ, ਬਸੰਤ ਕੁਮਾਰ, ਕੁਲਵਿੰਦਰ ਸਿੰਘ ਪਰਖਾਲੀ, ਗੁਰਚਰਨ ਸਿੰਘ, ਹਰਮੀਤ ਸਿੰਘ ਤੇ ਬਲਵਿੰਦਰ ਸਿੰਘ ਹਾਜ਼ਰ ਸਨ।