- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਕੀਤੀ ਮੁਕੰਮਲ

30 ਨਵੰਬਰ ਤੱਕ ਪ੍ਰਕਿਰਿਆ ਪੂਰੀ ਕਰਨ ਦੀ ਕੀਤੀ ਅਪੀਲ
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੀ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮਹੱਤਵਪੂਰਨ ਕੌਮੀ ਮੁਹਿੰਮ ’ਚ ਵਧ-ਚੜ੍ਹ ਕੇ ਹਿੱਸਾ ਲੈਣ ਤੇ ਆਪਣੇ ਘਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਨਿਰਧਾਰਤ ਸਮੇਂ ਅੰਦਰ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲ ਰਹੀ ਹੈ। ਇਸ ਲਈ ਸਾਰੇ ਪਰਿਵਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਸਮੇਂ ਦੌਰਾਨ ਆਨਲਾਈਨ ਸਹੂਲਤ ਦੀ ਵਰਤੋਂ ਕਰਕੇ ਆਪਣੀ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ।
ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਦੇਸ਼ ਤੇ ਸੂਬੇ ਦੀ ਮੌਜੂਦਾ ਆਬਾਦੀ, ਪਰਿਵਾਰਾਂ ਤੇ ਸਮਾਜਿਕ ਹਾਲਾਤਾਂ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਦੇ ਹਨ। ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਹੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨ, ਲੋਕ ਭਲਾਈ ਦੀਆਂ ਸਕੀਮਾਂ ਤਿਆਰ ਕਰਨ ਤੇ ਵੱਖ-ਵੱਖ ਖੇਤਰਾਂ ’ਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਫ਼ੈਸਲੇ ਲਏ ਜਾਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹੀ ਜਾਣਕਾਰੀ ਦੇਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ, ਤਾਂ ਜੋ ਭਵਿੱਖ ਦੀਆਂ ਯੋਜਨਾਵਾਂ ਸਹੀ ਅੰਕੜਿਆਂ ਦੇ ਆਧਾਰ ’ਤੇ ਬਣਾਈਆਂ ਜਾ ਸਕਣ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਆਪਣੇ ਪਰਿਵਾਰ ਨਾਲ ਸਬੰਧਤ ਸਾਰੀ ਜਾਣਕਾਰੀ ਪੂਰੀ ਸਾਵਧਾਨੀ ਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮਾਂ ਸੀਮਾ 30 ਨਵੰਬਰ ਤੋਂ ਪਹਿਲਾਂ ਇਸ ਕਾਰਜ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਸਵੈ-ਗਣਨਾ ਕਰਨ ਲਈ ਲੋਕ ਭਾਰਤ ਸਰਕਾਰ ਦੇ ਅਧਿਕਾਰਤ ਪੋਰਟਲ https://se.census.gov.in ’ਤੇ ਜਾ ਕੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕਦੇ ਹਨ।