- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾੜੇ ਅਨਸਰਾਂ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ: ਇੰਸਪੈਕਟਰ ਸੁਨੀਲ ਕੁਮਾਰ

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ
ਸ੍ਰੀ ਕੀਰਤਪੁਰ ਸਾਹਿਬ : ਥਾਣਾ ਕੀਰਤਪੁਰ ਸਾਹਿਬ ਵਿਖੇ ਐੱਸਐੱਚਓ ਵਜੋਂ ਇੰਸਪੈਕਟਰ ਸੁਨੀਲ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਮੋਹਾਲੀ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਭਾਗਾਂ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਇਲਾਕੇ ਵਿੱਚ ਗੈਰ-ਕਾਨੂੰਨੀ ਸਰਗਰਮੀਆਂ ਜਾਂ ਮਾੜੇ ਅਨਸਰਾਂ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਕਿਸੇ ਵੀ ਸਮੇਂ ਥਾਣੇ ਪਹੁੰਚ ਕੇ ਉਨ੍ਹਾਂ ਨਾਲ ਸਾਂਝੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਦੇ ਮੁੱਦੇ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇੰਸਪੈਕਟਰ ਸੁਨੀਲ ਕੁਮਾਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਗੈਰ-ਕਾਨੂੰਨੀ ਸਰਗਰਮੀਆਂ ਬੰਦ ਕਰ ਕੇ ਇਲਾਕੇ ਵਿੱਚੋਂ ਨਸ਼ੇ ਦਾ ਕਾਰੋਬਾਰ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਆਪਣੀ ਜ਼ਿੰਦਗੀ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਚਾਹੁੰਦੇ ਹਨ, ਉਹ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ। ਪੁਲਿਸ ਵੱਲੋਂ ਉਨ੍ਹਾਂ ਦਾ ਢੁੱਕਵੇਂ ਢੰਗ ਨਾਲ ਇਲਾਜ ਕਰਵਾਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ।