ਕੌਂਸਲਰ ਸੁਨੀਲ ਅਡਵਾਲ ਨੇ ਉਠਾਇਆ ਆਵਾਰਾ ਕੁੱਤਿਆਂ ਦਾ ਮੁੱਦਾ ਕੌਂਸਲਰ ਸੁਨੀਲ ਅਡਵਾਲ ਨੇ ਉਠਾਇਆ ਅਵਾਰਾ ਕੁੱਤਿਆਂ ਦਾ ਮੁੱਦਾ
Publish Date: Thu, 19 Nov 2026 04:31 PM (IST)
Updated Date: Thu, 19 Nov 2026 04:33 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਕੌਂਸਲਰ ਸੁਨੀਲ ਅਡਵਾਲ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਹ ਮੁੱਦਾ ਨਗਰ ਕੌਂਸਲ ਪ੍ਰਸ਼ਾਸਨ ਕੋਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਕੌਂਸਲਰ ਸੁਨੀਲ ਅਡਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਆਪਣੇ ਵਾਰਡ ਵਿੱਚ ਵੀ ਅਵਾਰਾ ਕੁੱਤੇ ਕਈ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ। ਇਸ ਤੋਂ ਇਲਾਵਾ ਵੱਡੀ ਉਮਰ ਦੇ ਲੋਕਾਂ ਨੂੰ ਵੀ ਕੁੱਤਿਆਂ ਵੱਲੋਂ ਵੱਢ ਕੇ ਜ਼ਖਮੀ ਕੀਤੇ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਹ ਸਥਿਤੀ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਲੋਕਾਂ ਨੂੰ ਆਪਣੇ ਬੱਚਿਆਂ ਨੂੰ ਘਰੋਂ ਬਾਹਰ ਭੇਜਣ ਸਮੇਂ ਵੀ ਸਾਵਧਾਨੀ ਵਰਤਣੀ ਪੈ ਰਹੀ ਹੈ। ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ, ਕਾਰਜਸਾਧਕ ਅਫਸਰ (ਈਓ) ਅਤੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ ਨਗਰ ਕੌਂਸਲ ਦੀ ਮੀਟਿੰਗ ਵਿੱਚ ਇਸ ਸਮੱਸਿਆ ਨੂੰ ਵਿਸ਼ੇਸ਼ ਤੌਰ ’ਤੇ ਵਿਚਾਰਿਆ ਜਾਵੇ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਪੱਕੇ ਤੇ ਕਾਨੂੰਨੀ ਹੱਲ ਲਈ ਠੋਸ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਆਪਣੀ ਜਗ੍ਹਾ ਮਹੱਤਵਪੂਰਨ ਹਨ ਅਤੇ ਇਹ ਲਗਾਤਾਰ ਚੱਲਦੇ ਰਹਿਣੇ ਚਾਹੀਦੇ ਹਨ, ਪਰ ਆਮ ਨਾਗਰਿਕਾਂ ਦੀ ਜਾਨ ਅਤੇ ਸੁਰੱਖਿਆ ਸਭ ਤੋਂ ਵੱਧ ਅਹਿਮੀਅਤ ਰੱਖਦੀ ਹੈ। ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਇਸ ਸਮੱਸਿਆ ਦਾ ਜਲਦ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਸ਼ਹਿਰ ਵਾਸੀ ਬਿਨ੍ਹਾਂ ਕਿਸੇ ਡਰ ਤੋਂ ਆਪਣੀ ਰੋਜ਼ਾਨਾ ਦੀਆਂ ਗਤੀਵਿਧੀਆਂ ਕਰ ਸਕਣ।