ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਤੇ ਸੰਸਕਾਰਾਂ ਦੀ ਜ਼ਿੰਮੇਵਾਰੀ ਸਮਾਜ ਦੇ ਹਰ ਵਰਗ ਦੀ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ’ਤੇ ਸੰਸਕਾਰਾਂ ਦੀ ਜ਼ਿੰਮੇਵਾਰੀ ਸਮਾਜ ਦੇ ਹਰ ਵਰਗ ਦੀ
Publish Date: Thu, 19 Nov 2026 05:46 PM (IST)
Updated Date: Thu, 19 Nov 2026 05:48 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਵਿਸ਼ਵ ਬਾਲ ਦਿਵਸ ਬੱਚਿਆਂ ਦੇ ਹੱਕਾਂ, ਸਿੱਖਿਆ, ਸੁਰੱਖਿਆ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਪ੍ਰਤੀ ਸਮਾਜ ਨੂੰ ਆਪਣੀ ਜ਼ਿੰਮੇਵਾਰੀ ਯਾਦ ਕਰਵਾਉਣ ਦਾ ਅਹਿਮ ਮੌਕਾ ਹੈ। ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਿੱਖਿਅਤ ਮਾਹੌਲ ਦੇਣਾ ਸਿਰਫ਼ ਮਾਪਿਆਂ ਹੀ ਨਹੀਂ, ਸਗੋਂ ਅਧਿਆਪਕਾਂ, ਪੁਲਿਸ ਅਤੇ ਸਮਾਜ ਦੇ ਹਰ ਵਰਗ ਦਾ ਫਰਜ਼ ਹੈ। ਪਿਆਰ ਅਤੇ ਹਮਦਰਦੀ ਵਾਲਾ ਹੋਵੇ ਵਿਵਹਾਰ : ਸਰਕਾਰੀ ਮਟੋਰ ਸਕੂਲ ਦੇ ਮੁੱਖ ਅਧਿਆਪਕ ਗੁਰ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਮਕਸਦ ਨਹੀਂ ਹੋਣਾ ਚਾਹੀਦਾ, ਸਗੋਂ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਆਤਮਵਿਸ਼ਵਾਸ, ਸਹਿਣਸ਼ੀਲਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨਾਲ ਪਿਆਰ, ਸਤਿਕਾਰ ਅਤੇ ਹਮਦਰਦੀ ਵਾਲਾ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੌਕੇ ਦੇਣਾ ਅਧਿਆਪਕਾਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਡਰ ਦੀ ਬਜਾਏ ਵਿਸ਼ਵਾਸ ਵਾਲਾ ਮਾਹੌਲ ਮਿਲੇ ਤਾਂ ਉਹ ਆਪਣੇ ਜੀਵਨ ਵਿੱਚ ਵਧੀਆ ਮੁਕਾਮ ਹਾਸਲ ਕਰ ਸਕਦੇ ਹਨ। ਸਮਾਜ ਅਤੇ ਮਾਪੇ ਰਹਿਣ ਚੌਕਸ : ਥਾਣਾ ਮੁਖੀ ਅਮਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮਾਜ ਅਤੇ ਮਾਪਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਸਰੀਰਕ ਸੁਰੱਖਿਆ ਦੇ ਨਾਲ-ਨਾਲ ਇੰਟਰਨੈੱਟ ਅਤੇ ਸ਼ੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ ਬਾਰੇ ਵੀ ਜਾਣੂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ, ਸ਼ੋਸ਼ਣ ਜਾਂ ਗਲਤ ਵਿਵਹਾਰ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਬੱਚੇ ਜੇਕਰ ਕਿਸੇ ਮੁਸ਼ਕਲ ਵਿੱਚ ਹੋਣ ਤਾਂ ਉਹ ਬਿਨ੍ਹਾਂ ਡਰ ਆਪਣੇ ਮਾਪਿਆਂ, ਅਧਿਆਪਕਾਂ ਜਾਂ ਪੁਲਿਸ ਨਾਲ ਗੱਲ ਕਰਨ। ਬੱਚਿਆਂ ਦੀ ਸੁਰੱਖਿਆ ਲਈ ਜਾਗਰੂਕਤਾ ਅਤੇ ਸਮੇਂ ਸਿਰ ਸਹੀ ਕਦਮ ਚੁੱਕਣਾ ਬੇਹੱਦ ਮਹੱਤਵਪੂਰਨ ਹੈ। ਸਾਰਿਆਂ ਦੀ ਹੈ ਸਾਂਝੀ ਜ਼ਿੰਮੇਵਾਰੀ : ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਚੰਗਾ ਭਵਿੱਖ ਦੇਣ ਲਈ ਸਮਾਜਿਕ ਅਤੇ ਆਰਥਿਕ ਤੌਰ ਤੇ ਮਜ਼ਬੂਤ ਮਾਹੌਲ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ, ਕਲਾ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਸਮਾਜ ਦੇ ਹਰ ਵਰਗ ਨੂੰ ਲੋੜਵੰਦ ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।