ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਨੰਬਰਦਾਰ ਯੂਨੀਅਨ ਦੇ ਵਫ਼ਦ ਦੀ ਹੋਈ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਨੰਬਰਦਾਰ ਯੂਨੀਅਨ ਪੰਜਾਬ ਦੇ ਵਫ਼ਦ ਦੀ ਅਹਿਮ ਮੀਟਿੰਗ
Publish Date: Thu, 19 Nov 2026 07:27 PM (IST)
Updated Date: Thu, 19 Nov 2026 07:30 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਨੰਬਰਦਾਰ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਵਫ਼ਦ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਚੰਡੀਗੜ੍ਹ ਸਥਿਤ ਸਕੱਤਰੇਤ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਧਿਰਾਂ ਵਿਚਕਾਰ ਬਹੁਤ ਹੀ ਸੁਖਾਵੇਂ ਅਤੇ ਹਾਂ-ਪੱਖੀ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਇਆ। ਵਫ਼ਦ ਵੱਲੋਂ ਨੰਬਰਦਾਰ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਨਾਲ ਗੱਲਬਾਤ ਕੀਤੀ ਗਈ। ਵਫ਼ਦ ਨੇ ਨੰਬਰਦਾਰਾਂ ਦਾ ਮਾਣ-ਭੱਤਾ ਵਧਾ ਕੇ 5,000 ਰੁਪਏ ਪ੍ਰਤੀ ਮਹੀਨਾ ਕਰਨ, ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਕਰਨ, ਸਰਕਾਰੀ ਬੱਸਾਂ ਅਤੇ ਰੇਲ ਗੱਡੀਆਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ, ਟੋਲ ਟੈਕਸ ਤੋਂ ਛੋਟ ਦੇਣ, ਸਿਹਤ ਬੀਮਾ ਸਹੂਲਤ ਮੁਹੱਈਆ ਕਰਵਾਉਣ ਅਤੇ ਤਹਿਸੀਲ ਪੱਧਰ ’ਤੇ ਨੰਬਰਦਾਰਾਂ ਦੇ ਬੈਠਣ ਲਈ ਵੱਖਰਾ ਕਮਰਾ ਅਲਾਟ ਕਰਨ ਵਰਗੀਆਂ ਅਹਿਮ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ। ਇਸ ਤੋਂ ਇਲਾਵਾ ਮ੍ਰਿਤਕ ਨੰਬਰਦਾਰ ਦੇ ਪਰਿਵਾਰਕ ਮੈਂਬਰ ਨੂੰ ਨੰਬਰਦਾਰੀ ਦੇਣ ਸਮੇਂ ਤਰਜੀਹ ਦੇਣ ਦੀ ਮੰਗ ਵੀ ਉਠਾਈ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਨੰਬਰਦਾਰ ਪਿੰਡ ਪੱਧਰ ’ਤੇ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਅਗਲੇ ਕੁਝ ਦਿਨਾਂ ਵਿੱਚ ਯੂਨੀਅਨ ਦੇ ਆਗੂਆਂ ਨਾਲ ਦੁਬਾਰਾ ਮੀਟਿੰਗ ਬੁਲਾਈ ਜਾਵੇਗੀ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਕੇ ਜਲਦ ਹੱਲ ਕਰਨ ਲਈ ਯੋਗ ਕਦਮ ਚੁੱਕੇ ਜਾਣਗੇ। ਵਿੱਤ ਮੰਤਰੀ ਦੇ ਇਸ ਹਾਂ-ਪੱਖੀ ਹੁੰਗਾਰੇ ਨਾਲ ਯੂਨੀਅਨ ਆਗੂਆਂ ਵਿੱਚ ਆਸ ਦੀ ਨਵੀਂ ਕਿਰਨ ਜਾਗੀ ਹੈ। ਇਸ ਮੌਕੇ ਹਰਕਮਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ, ਰਸ਼ਪਾਲ ਸਿੰਘ ਰਾਮਪੁਰ ਸੂਬਾ ਸਕੱਤਰ ਜਨਰਲ ਅਤੇ ਵਰਿੰਦਰ ਕੁਮਾਰ ਚੌਧਰੀ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਯੂਨੀਅਨ ਆਗੂਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਸਰਕਾਰ ਨੰਬਰਦਾਰ ਭਾਈਚਾਰੇ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਜਲਦ ਅਮਲੀ ਰੂਪ ਦੇਵੇਗੀ।