ਪੀਸੀਐੱਸ ਪ੍ਰੀਖਿਆ ’ਚ ਕਥਿਤ ਧਾਂਦਲੀ ਨੇ ਸਰਕਾਰ ਦਾ ਅਸਲੀ ਚਿਹਰਾ ਕੀਤਾ ਬੇਨਕਾਬ : ਅਰਵਿੰਦ ਮਿੱਤਲ ਪੀ.ਸੀ.ਐੱਸ. ਪ੍ਰੀਖਿਆ ’ਚ ਕਥਿਤ ਧਾਂਦਲੀ ਨੇ ‘ਕੱਟੜ ਇਮਾਨਦਾਰ’ ਸਰਕਾਰ ਦਾ ਅਸਲੀ ਚਿਹਰਾ ਕੀਤਾ ਬੇਨਕਾਬ : ਐਡਵੋਕੇਟ ਅਰਵਿੰਦ ਮਿੱਤਲ
Publish Date: Fri, 20 Nov 2026 04:18 PM (IST)
Updated Date: Fri, 20 Nov 2026 04:19 PM (IST)
ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਲਾਏ ਗੰਭੀਰ ਦੋਸ਼, ਭਾਜਪਾ ਸਰਕਾਰ ਬਣਨ ’ਤੇ ਹੋਵੇਗੀ ਉੱਚ ਪੱਧਰੀ ਜਾਂਚ ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ’ਚ ਪੀਸੀਐੱਸ. ਪ੍ਰੀਖਿਆ ਨੂੰ ਲੈ ਕੇ ਉੱਠੇ ਵਿਵਾਦ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿਆਸੀ ਕਟਹਿਰੇ ’ਚ ਖੜ੍ਹਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਪ੍ਰੀਖਿਆ ’ਚ ਕਥਿਤ ਧਾਂਦਲੀ ਨੂੰ ਲੈ ਕੇ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਆਪਣੇ ਚਹੇਤਿਆਂ ਤੇ ਪਾਰਟੀ ਨਾਲ ਜੁੜੇ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੇ ਹਜ਼ਾਰਾਂ ਮਿਹਨਤੀ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ‘ਕੱਟੜ ਇਮਾਨਦਾਰ’ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਭਰਤੀ ਪ੍ਰਕਿਰਿਆਵਾਂ ’ਤੇ ਉੱਠ ਰਹੇ ਸਵਾਲਾਂ ਨੇ ਇਸ ਦੇ ਇਮਾਨਦਾਰੀ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਮਾਡਲ ਟਾਊਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਿੱਤਲ ਨੇ ਕਿਹਾ ਕਿ ਪੀਸੀਐੱਸ ਵਰਗੀ ਵੱਕਾਰੀ ਪ੍ਰੀਖਿਆ ਲਈ ਪੰਜਾਬ ਦੇ ਹਜ਼ਾਰਾਂ ਨੌਜਵਾਨ ਕਈ ਸਾਲਾਂ ਤੋਂ ਦਿਨ-ਰਾਤ ਮਿਹਨਤ ਕਰ ਰਹੇ ਸਨ। ਕਈ ਨੌਜਵਾਨਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਇਸ ਪ੍ਰੀਖਿਆ ਦੀ ਤਿਆਰੀ ’ਚ ਲਗਾ ਦਿੱਤੇ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਵੱਡੀਆਂ ਉਮੀਦਾਂ ਲਾਈਆਂ ਹੋਈਆਂ ਸਨ, ਪਰ ਪ੍ਰੀਖਿਆ ਪ੍ਰਕਿਰਿਆ ’ਚ ਕਥਿਤ ਬੇਨਿਯਮੀਆਂ ਨੇ ਇਨ੍ਹਾਂ ਨੌਜਵਾਨਾਂ ਦੀ ਮਿਹਨਤ ਤੇ ਯੋਗਤਾ ਨੂੰ ਵੱਡੀ ਸੱਟ ਮਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰੀ ਨੌਕਰੀਆਂ ’ਚ ਵੀ ਸਿਆਸੀ ਪਹੁੰਚ ਤੇ ਚਹੇਤਿਆਂ ਨੂੰ ਤਰਜੀਹ ਮਿਲਣੀ ਹੈ ਤਾਂ ਫਿਰ ਆਮ ਘਰਾਂ ਦੇ ਬੱਚੇ ਆਪਣੀ ਮਿਹਨਤ ਦੇ ਸਿਰ ’ਤੇ ਕਿੱਥੇ ਜਾਣ? ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਖ਼ਤਮ ਕਰਨ, ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇਣ ਤੇ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਭਰਤੀ ਪ੍ਰਕਿਰਿਆਵਾਂ ਨੂੰ ਲੈ ਕੇ ਉੱਠ ਰਹੇ ਵਿਵਾਦ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਸਰਕਾਰ ਦਾ ‘ਕੱਟੜ ਇਮਾਨਦਾਰ’ ਹੋਣ ਦਾ ਨਾਅਰਾ ਹੁਣ ‘ਕੱਟੜ ਬੇਈਮਾਨ’ ਵਾਲੇ ਦੋਸ਼ਾਂ ’ਚ ਘਿਰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਨਾਲ ਪ੍ਰਭਾਵਿਤ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਸ ਮਾਮਲੇ ਨੇ ਸਰਕਾਰ ਦੀ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਦੇ ਦਖ਼ਲ ਨਾਲ ਨੌਜਵਾਨਾਂ ਨੂੰ ਇਨਸਾਫ਼ ਦੀ ਉਮੀਦ ਜਾਗੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਸਾਰੀਆਂ ਸ਼ੱਕੀ ਭਰਤੀਆਂ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇਗੀ। ਜੇਕਰ ਜਾਂਚ ਦੌਰਾਨ ਕਿਸੇ ਮੰਤਰੀ, ਅਧਿਕਾਰੀ ਜਾਂ ਸਿਆਸੀ ਆਗੂ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਸਿਫ਼ਾਰਸ਼ਾਂ ਨਹੀਂ, ਸਗੋਂ ਆਪਣੀ ਯੋਗਤਾ ਤੇ ਮਿਹਨਤ ਦੇ ਆਧਾਰ ’ਤੇ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ।