ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
Publish Date: Fri, 20 Nov 2026 04:33 PM (IST)
Updated Date: Fri, 20 Nov 2026 04:34 PM (IST)
2 ਅਤੇ 3 ਦਸੰਬਰ ਨੂੰ ਮਾਸ ਲੀਵ ਲੈ ਕੇ ਰੋਸ ਧਰਨੇ ਦੇਣਗੇ ਬਿਜਲੀ ਮੁਲਾਜ਼ਮ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਡਵੀਜ਼ਨ ਪ੍ਰਧਾਨ ਤਰਸੇਮ ਲਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬਿਜਲੀ ਮੁਲਾਜ਼ਮਾਂ ਅਤੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਚਲਾਏ ਜਾ ਰਹੇ ਸਾਂਝੇ ਸੰਘਰਸ਼ ਨੂੰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ 2 ਅਤੇ 3 ਦਸੰਬਰ ਨੂੰ ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਮਾਸ ਲੀਵ ਲੈ ਕੇ ਕੀਤੇ ਜਾਣ ਵਾਲੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਮੰਡਲ ਦੇ ਸਮੁੱਚੇ ਮੁਲਾਜ਼ਮ ਮਾਸ ਲੀਵ ਲੈ ਕੇ ਰੋਸ ਧਰਨੇ ਦੇਣਗੇ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਦੌਰਾਨ ਕੇਂਦਰੀ ਤਨਖਾਹ ਸਕੇਲਾਂ ਦਾ ਫੈਸਲਾ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 12 ਘੰਟੇ ਕੰਮ ਕਰਨ ਸਬੰਧੀ ਸਰਕੂਲਰ ਵਾਪਸ ਲੈਣ, ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਬਿਜਲੀ ਸੋਧ ਬਿੱਲ 2025 ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਪਟਿਆਲਾ ਵਿਖੇ ਅਪ੍ਰੈਂਟਿਸ ਲਾਈਨਮੈਨਾਂ ਉੱਤੇ ਕੀਤੇ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹਰਭਜਨ ਸਿੰਘ, ਹਿੰਮਤ ਸਿੰਘ, ਜਸਵਿੰਦਰ ਸਿੰਘ, ਕਮਲ ਸਿੰਘ, ਨਿਤਨ ਕੁਮਾਰ, ਜਸਪਾਲ ਸਿੰਘ ਕੋਟਲਾ, ਜਰਨੈਲ ਸਿੰਘ ਅਤੇ ਸੁਖਜਿੰਦਰ ਸਿੰਘ ਹਾਜ਼ਰ ਸਨ।