ਬਰਸਾਤੀ ਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ ਵਿਧਾਇਕ ਦਿਨੇਸ਼ ਚੱਢਾ ਨੇ ਕਰਵਾਇਆ ਕੰਮ ਸ਼ੁਰੂਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ, 15 ਦਿਨਾਂ
Publish Date: Fri, 20 Nov 2026 04:36 PM (IST)
Updated Date: Fri, 20 Nov 2026 04:37 PM (IST)
ਹਰੀਪੁਰ ਬੱਸ ਸਟੈਂਡ ਨੇੜੇ 15 ਲੱਖ ਦੀ ਲਾਗਤ ਨਾਲ ਬਣੇਗੀ 350 ਮੀਟਰ ਲੰਬੀ ਡਰੇਨ ਵਿਧਾਇਕ ਦਿਨੇਸ਼ ਚੱਢਾ ਨੇ ਕਰਵਾਇਆ ਕੰਮ ਸ਼ੁਰੂ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਪਿੰਡਾਂ ਦੇ ਵਿਕਾਸ ਤੇ ਲੋਕਾਂ ਨੂੰ ਦਰਪੇਸ਼ ਬੁਨਿਆਦੀ ਸਮੱਸਿਆਵਾਂ ਦੇ ਪੱਕੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਹਰੀਪੁਰ ਦੇ ਬੱਸ ਸਟੈਂਡ ਨੇੜੇ ਰੋਪੜ ਮੁੱਖ ਮਾਰਗ ਉੱਤੇ ਲੰਮੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਡਰੇਨ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਕੰਮ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਹਰੀਪੁਰ ਬੱਸ ਸਟੈਂਡ ਨੇੜੇ ਰੋਪੜ ਮੁੱਖ ਮਾਰਗ ਉੱਤੇ ਬਰਸਾਤੀ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਸੀ। ਇਸ ਕਾਰਨ ਬਰਸਾਤ ਦੇ ਦਿਨਾਂ ’ਚ ਸੜਕ ਉੱਤੇ ਪਾਣੀ ਇਕੱਠਾ ਹੋ ਜਾਂਦਾ ਸੀ, ਜਿਸ ਨਾਲ ਸੜਕ ਵਾਰ-ਵਾਰ ਨੁਕਸਾਨੀ ਜਾਂਦੀ ਸੀ। ਸੜਕ ਟੁੱਟਣ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੁੰਦੀ ਸੀ, ਉੱਥੇ ਹੀ ਰਾਹਗੀਰਾਂ ਤੇ ਸਥਾਨਕ ਵਸਨੀਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੇ ਮਕਸਦ ਨਾਲ ਹੁਣ ਇੱਥੇ ਡਰੇਨ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰਵਾਇਆ ਗਿਆ ਹੈ। ਲੋਕ ਨਿਰਮਾਣ ਵਿਭਾਗ ਦੇ ਜੇ.ਈ. ਸੰਦੀਪ ਰਾਏ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਡਰੇਨ ਦੀ ਲੰਬਾਈ ਲਗਭਗ 350 ਮੀਟਰ ਹੋਵੇਗੀ, ਜਿਸ ਉੱਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜ ਨੂੰ ਤਕਰੀਬਨ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਡਰੇਨ ਦੇ ਬਣਨ ਨਾਲ ਬਰਸਾਤੀ ਤੇ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇਗੀ ਤੇ ਸੜਕ ਨੂੰ ਵਾਰ-ਵਾਰ ਟੁੱਟਣ ਤੋਂ ਬਚਾਉਣ ’ਚ ਮਦਦ ਮਿਲੇਗੀ। ਇਸ ਨਾਲ ਨਾ ਸਿਰਫ਼ ਹਰੀਪੁਰ ਦੇ ਵਸਨੀਕਾਂ ਨੂੰ ਸਗੋਂ ਰੋਪੜ ਮੁੱਖ ਮਾਰਗ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।