- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਨਿੱਜੀ ਸਕੂਲਾਂ ਵਿੱਚ ਲਾਰਵੇ ਦੀ ਜਾਂਚ

ਨਾਗਰਿਕ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ : ਡਾ. ਜਗਜੀਤ ਸਿੰਘ
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਮੱਛਰਾਂ ਦੇ ਕੱਟਣ ਤੋਂ ਫੈਲਣ ਵਾਲੀ ਬਿਮਾਰੀ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਆਪਣੇ ਘਰਾਂ, ਦਫ਼ਤਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਲਈ ਜਾਗਰੂਕ ਕਰਨਾ ਹੈ। ਇਸੇ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੰਗਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਕੀਰਤਪੁਰ ਸਾਹਿਬ ਦੇ ਵੱਖ-ਵੱਖ ਨਿੱਜੀ ਸਕੂਲਾਂ ’ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਸਕੂਲਾਂ ’ਚ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਗਈ ਤੇ ਪਾਣੀ ਇਕੱਠਾ ਹੋਣ ਵਾਲੀਆਂ ਸੰਭਾਵਿਤ ਥਾਵਾਂ ਦਾ ਨਿਰੀਖਣ ਕੀਤਾ ਗਿਆ।
ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲਾਂ ’ਚ ਰੱਖੇ ਕੂਲਰਾਂ, ਪਾਣੀ ਵਾਲੇ ਬਰਤਨਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕੀਤੀ ਗਈ, ਜਿੱਥੇ ਪਾਣੀ ਖੜ੍ਹਾ ਰਹਿਣ ਕਾਰਨ ਮੱਛਰ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਸਕੂਲ ਦੇ ਕਮਰਿਆਂ, ਵਿਹੜਿਆਂ, ਛੱਤਾਂ ਤੇ ਆਲੇ-ਦੁਆਲੇ ਪੂਰੀ ਸਫ਼ਾਈ ਰੱਖੀ ਜਾਵੇ ਤੇ ਕਿਸੇ ਵੀ ਥਾਂ 'ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਜੰਗਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਦੇ ਨਾਲ ਨਾਲ , ਹਰੇਕ ਨਾਗਰਿਕ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਂਦਿਆਂ ਕੂਲਰਾਂ ਦਾ ਪਾਣੀ ਬਦਲਿਆ ਜਾਵੇ ਤੇ ਗਮਲਿਆਂ ਦੀਆਂ ਪਲੇਟਾਂ, ਫਰਿੱਜਾਂ ਦੀਆਂ ਟਰੇਆਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤਾਂ ਦੀ ਚੰਗੀ ਤਰ੍ਹਾਂ ਸਫ਼ਾਈ ਕੀਤੀ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਹੋਣ ਦੀ ਸੂਰਤ ’ਚ ਆਪਣੀ ਮਰਜ਼ੀ ਨਾਲ ਦਵਾਈ ਲੈਣ ਦੀ ਬਜਾਏ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ’ਚ ਜਾ ਕੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਾਵਧਾਨੀ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ’ਚ ਸੁਖਦੀਪ ਸਿੰਘ ਐਸ ਆਈ , ਮੈਡਮ ਭੁਪਿੰਦਰ ਕੌਰ, ਕੁਲਵਿੰਦਰ ਸਿੰਘ ਆਦਿ ਸ਼ਾਮਿਲ ਸਨ।