ਨਵਜੰਮੇ ਬੱਚਿਆਂ ਦੀ ਜ਼ਿੰਦਗੀ ਦੇ ਪਹਿਲੇ 28 ਦਿਨ ਬੇਹੱਦ ਨਾਜ਼ੁਕ, ਵਿਸ਼ੇਸ਼ ਦੇਖਭਾਲ ਜ਼ਰੂਰੀ : ਡਾ. ਸੁਨੈਨਾ ਗੁਪਤਾ ਨਵਜੰਮੇ ਬੱਚਿਆਂ ਦੀ ਜ਼ਿੰਦਗੀ ਦੇ ਪਹਿਲੇ 28 ਦਿਨਾਂ ਦੌਰਾਨ ਵਿਸ਼ੇਸ਼ ਦੇਖਭਾਲ ਬੇਹੱਦ ਜ਼ਰੂਰੀ: ਡਾ. ਸੁਨੈਨਾ ਗੁਪਤਾ
Publish Date: Fri, 20 Nov 2026 05:55 PM (IST)
Updated Date: Fri, 20 Nov 2026 05:58 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਿਹਤ ਵਿਭਾਗ ਪੰਜਾਬ ਵੱਲੋਂ ਡਾ. ਵਿਵੇਕ ਕਟਾਰੀਆ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ.ਹਰਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਭਾਈ ਜੈਤਾ ਜੀ ਸਿਵਲ ਹਸਪਤਾਲ ਦੀ ਅਗਵਾਈ ਹੇਠ ਰਾਸ਼ਟਰੀ ਨਵਜੰਮੇ ਬੱਚਿਆਂ ਦਾ ਹਫ਼ਤਾ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਤੇ ਮਾਵਾਂ ਨੂੰ ਬੱਚਿਆਂ ਦੀ ਸਹੀ ਦੇਖਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ.ਸੁਨੈਨਾ ਗੁਪਤਾ ਗਾਇਨੀਕੋਲੋਜਿਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਫ਼ਤੇ ਨੂੰ ਮਨਾਉਣ ਦਾ ਮੁੱਖ ਮਕਸਦ ਬੱਚੇ ਦੇ ਜਨਮ ਤੋਂ ਬਾਅਦ ਪਹਿਲੇ 28 ਦਿਨਾਂ ਦੌਰਾਨ ਉਸ ਦੀ ਵਿਸ਼ੇਸ਼ ਦੇਖਭਾਲ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ ਤੇ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ। ਇਸ ਨਾਲ ਬੱਚੇ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ ਤੇ ਉਸ ਦਾ ਸ਼ਰੀਰਕ ਵਿਕਾਸ ਵੀ ਬਿਹਤਰ ਹੁੰਦਾ ਹੈ। ਉਨ੍ਹਾਂ ਘੱਟ ਵਜ਼ਨ ਵਾਲੇ ਤੇ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਸਕਿਨ ਟੂ ਸਕਿਨ ਤਕਨੀਕ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚੇ ਨੂੰ ਛੂਹਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ, ਬੱਚੇ ਦੀ ਨਾੜੂ ਨੂੰ ਸਾਫ਼ ਤੇ ਸੁੱਕਾ ਰੱਖਣਾ ਚਾਹੀਦਾ ਹੈ ਤੇ ਜਨਮ ਤੋਂ ਪਹਿਲੇ 24 ਘੰਟਿਆਂ ਤੱਕ ਬੱਚੇ ਨੂੰ ਨਹੀਂ ਨਹਾਉਣਾ ਚਾਹੀਦਾ। ਇਸ ਤੋਂ ਇਲਾਵਾ ਜਨਮ ਸਮੇਂ ਲੱਗਣ ਵਾਲੇ ਜ਼ਰੂਰੀ ਟੀਕਿਆਂ ਤੇ ਬੱਚੇ ਦੀ ਸਮੇਂ-ਸਮੇਂ ਸਿਰ ਡਾਕਟਰੀ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ। ਸਿਹਤ ਮਾਹਿਰਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਵਜੰਮੇ ਬੱਚਿਆਂ ਦੀ ਸਿਹਤ ਪ੍ਰਤੀ ਵਿਸ਼ੇਸ਼ ਸਾਵਧਾਨੀ ਵਰਤਣ ਤੇ ਕਿਸੇ ਵੀ ਸਿਹਤ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਡਾਕਟਰੀ ਸਲਾਹ ਲੈਣ। ਇਸ ਮੌਕੇ ਡਾ.ਕੰਚਨ ਸ਼ਰਮਾ, ਡਾ.ਅਪਰਾਜਿਤਾ ਧਰਮਾਣੀ, ਪੂਨਮ ਅਰੋੜਾ, ਹਰਦੀਪ ਕੌਰ ਤੇ ਗੀਤਾਂਜਲੀ ਸਮੇਤ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।