ਸ੍ਰੀ ਕੀਰਤਪੁਰ ਸਾਹਿਬ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੱਲ 23 ਨਵੰਬਰ ਨੂੰ ਸਜਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ
Publish Date: Sun, 22 Nov 2026 03:57 PM (IST)
Updated Date: Sun, 22 Nov 2026 03:58 PM (IST)
ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਭਲਕੇ ਹੋਣਗੇ ਧਾਰਮਿਕ ਸਮਾਗਮ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚਰਨ ਕੰਵਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਮੈਨੇਜਰ ਭਾਈ ਅਮਰਜੀਤ ਸਿੰਘ ਬਾੜੀਆਂ ਨੇ ਦੱਸਿਆ ਕਿ ਸਿੱਖ ਧਰਮ ਦੇ ਬਾਨੀ ਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੀ ਸੰਪੂਰਨਤਾ ਦੇ ਭੋਗ ਮਿਤੀ 24 ਨਵੰਬਰ ਨੂੰ ਪਾਏ ਜਾਣਗੇ। ਇਸ ਤੋਂ ਬਾਅਦ ਕੀਰਤਨ ਦਰਬਾਰ ਹੋਵੇਗਾ ਜਿਸ ’ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾ ਵਾਚਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ ਗਾਣ ਕਰਨਗੇ। ਉਨ੍ਹਾਂ ਦੱਸਿਆ ਕਿ ਕੱਲ 23 ਨਵੰਬਰ ਨੂੰ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਬਾਅਦ ਦੁਪਹਿਰ 12 ਵਜੇ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਰਾਮ ਮੰਦਿਰ ਚੌਂਕ, ਮੇਨ ਬਾਜ਼ਾਰ, ਅੰਬ ਵਾਲਾ ਚੌਂਕ, ਬਿਲਾਸਪੁਰ ਰੋਡ, ਡੇਰਾ ਬਾਬਾ ਸ਼੍ਰੀ ਚੰਦ ਜੀ, ਨਵਾਂ ਬੱਸ ਅੱਡਾ ਪੁਰਾਣਾ ਬੱਸ ਅੱਡਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸਤਰੀ ਸਤਿਸੰਗ ਸਭਾ ਕੀਰਤਪੁਰ ਸਾਹਿਬ ,ਗੁਰੂ ਨਾਨਕ ਸਤਸੰਗ ਸਭਾ ਕੀਰਤਪੁਰ ਸਾਹਿਬ ਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਪਿਛਲੇ ਕਰੀਬ 10 ਦਿਨਾਂ ਤੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਰੋਜ਼ਾਨਾ ਤੜਕਸਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਜਿਸ ’ਚ ਇਲਾਕੇ ਦੀਆਂ ਸਮੂਹ ਸੰਗਤਾਂ ਵੱਧ ਚੜ ਕੇ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐੱਸਜੀਪੀਸੀ ਦੀ ਅੰਤਰਿੰਗ ਕਮੇਟੀ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ ਤੋਂ ਇਲਾਵਾ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਸ਼ਾਮਿਲ ਹੋਣਗੀਆਂ। ਉਨਾਂ ਇਲਾਕੇ ਦੀ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੋਣ ਵਾਲੇ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਵੱਧ ਚੜ ਕੇ ਭਾਗ ਲੈਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।