ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਸਿਹਤ ਲਈ ਖ਼ਤਰਾ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਸਿਹਤ ਲਈ ਖ਼ਤਰਾ
Publish Date: Sun, 22 Nov 2026 04:43 PM (IST)
Updated Date: Sun, 22 Nov 2026 04:46 PM (IST)
ਡਾਕਟਰ ਦੀ ਸਲਾਹ ਨਾਲ ਹੀ ਲਓ ਦਵਾਈਆਂ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ: ਅੱਜ ਦੇ ਸਮੇਂ ’ਚ ਛੋਟੀ ਤੋਂ ਛੋਟੀ ਬਿਮਾਰੀ ਹੋਣ ’ਤੇ ਵੀ ਲੋਕ ਆਪਣੀ ਮਰਜ਼ੀ ਨਾਲ ਦਵਾਈਆਂ, ਖ਼ਾਸ ਕਰਕੇ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਕਰਨ ਲੱਗ ਪਏ ਹਨ। ਇਹ ਆਦਤ ਭਵਿੱਖ ’ਚ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਮਾਹਿਰਾਂ ਅਨੁਸਾਰ ਦਵਾਈਆਂ ਦੀ ਸਹੀ ਵਰਤੋਂ ਤੇ ਸਿਹਤ ਪ੍ਰਤੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਜਿਮ ਕੋਚ ਅਮਰ ਸੋਢੀ ਨੇ ਕਿਹਾ ਕਿ ਤੰਦਰੁਸਤ ਸ਼ਰੀਰ ਹੀ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹੈ। ਅੱਜਕੱਲ੍ਹ ਨੌਜਵਾਨ ਜਲਦੀ ਨਤੀਜੇ ਪ੍ਰਾਪਤ ਕਰਨ ਦੀ ਇੱਛਾ ’ਚ ਕਈ ਵਾਰ ਬਿਨਾਂ ਡਾਕਟਰੀ ਸਲਾਹ ਤੋਂ ਦਵਾਈਆਂ ਤੇ ਹੋਰ ਸਿਹਤ ਸਬੰਧੀ ਉਤਪਾਦਾਂ ਦੀ ਵਰਤੋਂ ਕਰਨ ਲੱਗ ਪੈਂਦੇ ਹਨ, ਜੋ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਸੰਤੁਲਿਤ ਖੁਰਾਕ, ਨਿਯਮਤ ਕਸਰਤ, ਪੂਰੀ ਨੀਂਦ ਤੇ ਸਾਫ਼-ਸੁਥਰੀ ਜੀਵਨਸ਼ੈਲੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਮਾਰੀ ਹੋਣ ’ਤੇ ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਦੀ ਬਜਾਏ ਮਾਹਿਰ ਡਾਕਟਰ ਦੀ ਸਲਾਹ ਲੈਣ ਤੇ ਦੂਜਿਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਦਵਾਈਆਂ ਦੀ ਗਲਤ ਵਰਤੋਂ ਸਿਹਤ ਲਈ ਚੁਣੌਤੀ ਇਲਾਕੇ ਦੇ ਮਸ਼ਹੂਰ ਡਾਕਟਰ ਪਲਵਿੰਦਰ ਜੀਤ ਸਿੰਘ ਕੰਗ ਨੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਤੇ ਗਲਤ ਵਰਤੋਂ ਅੱਜ ਸਿਹਤ ਖੇਤਰ ਲਈ ਇੱਕ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਦੱਸਿਆ ਕਿ ਐਂਟੀਬਾਇਓਟਿਕ ਦਵਾਈਆਂ ਬੈਕਟੀਰੀਆ ਕਾਰਨ ਹੋਣ ਵਾਲੀਆਂ ਲਾਗਾਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ, ਜਦਕਿ ਆਮ ਜ਼ੁਕਾਮ, ਫਲੂ ਤੇ ਕਈ ਵਾਇਰਲ ਬਿਮਾਰੀਆਂ ’ਚ ਇਹ ਦਵਾਈਆਂ ਅਸਰਦਾਰ ਨਹੀਂ ਹੁੰਦੀਆਂ। ਬਿਨਾਂ ਲੋੜ ਇਨ੍ਹਾਂ ਦੀ ਵਰਤੋਂ ਕਰਨ ਨਾਲ ਬੈਕਟੀਰੀਆ ’ਚ ਦਵਾਈਆਂ ਪ੍ਰਤੀ ਰੋਧਕ ਸਮਰੱਥਾ ਪੈਦਾ ਹੋ ਸਕਦੀ ਹੈ, ਜਿਸ ਨੂੰ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਕਾਰਨ ਭਵਿੱਖ ’ਚ ਆਮ ਇਨਫੈਕਸ਼ਨਾਂ ਦਾ ਇਲਾਜ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਮਰੀਜ਼ਾਂ ਨੂੰ ਚਾਹੀਦਾ ਹੈ ਕਿ ਡਾਕਟਰ ਵੱਲੋਂ ਦੱਸੀ ਦਵਾਈ ਦੀ ਖੁਰਾਕ ਤੇ ਸਮਾਂ-ਸਾਰਣੀ ਦੀ ਪਾਲਣਾ ਕਰਨ। ਬਚੀਆਂ ਹੋਈਆਂ ਦਵਾਈਆਂ ਕਿਸੇ ਹੋਰ ਵਿਅਕਤੀ ਨੂੰ ਨਾ ਦੇਣ ਤੇ ਨਾ ਹੀ ਪੁਰਾਣੀ ਪਰਚੀ ਦੇ ਆਧਾਰ ’ਤੇ ਦਵਾਈ ਲੈਣ। ਉਨ੍ਹਾਂ ਲੋਕਾਂ ਨੂੰ ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤਣ ਦੀ ਅਪੀਲ ਕੀਤੀ। ਸਿਹਤ ਸਬੰਧੀ ਸਕੂਲਾਂ ਦੀ ਅਹਿਮ ਭੂਮਿਕਾ ਸਕੂਲ ਅਧਿਆਪਕ ਮਾਸਟਰ ਜਸਕਰਨ ਸਿੰਘ ਨੇ ਕਿਹਾ ਕਿ ਸਮਾਜ ’ਚ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਤੇ ਵਿੱਦਿਅਕ ਸੰਸਥਾਵਾਂ ਦੀ ਅਹਿਮ ਭੂਮਿਕਾ ਹੈ। ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਇਹ ਸਿੱਖਿਆ ਦੇਣੀ ਚਾਹੀਦੀ ਹੈ ਕਿ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਨਹੀਂ ਲੈਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਦਵਾਈਆਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਦਾ ਫਰਜ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਜੇਕਰ ਬੱਚੇ ਸਿਹਤਮੰਦ ਜੀਵਨਸ਼ੈਲੀ ਤੇ ਦਵਾਈਆਂ ਦੀ ਸਹੀ ਵਰਤੋਂ ਦੇ ਮਹੱਤਵ ਨੂੰ ਸਮਝਣਗੇ ਤਾਂ ਉਹ ਆਪਣੇ ਪਰਿਵਾਰਾਂ ਤੇ ਸਮਾਜ ’ਚ ਵੀ ਇਸ ਸਬੰਧੀ ਚੰਗਾ ਸੁਨੇਹਾ ਪਹੁੰਚਾ ਸਕਣਗੇ।