- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੋਟੀ ਝੱਖੀਆਂ ਵਿਖੇ ਪਹਿਲੇ ਕਬੱਡੀ ਕੱਪ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਸੰਕੇਤ
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਸਾਹਿਬ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਪਹਿਲੇ ਕਬੱਡੀ ਕੱਪ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪਿੰਡਾਂ ’ਚ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਣਮੱਤੀ ਵਿਰਾਸਤ ਤੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਪਿੰਡ ਪੱਧਰ ’ਤੇ ਅਜਿਹੇ ਟੂਰਨਾਮੈਂਟ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲਦੇ ਹਨ ਤੇ ਖੇਡਾਂ ਪ੍ਰਤੀ ਉਨ੍ਹਾਂ ਦੀ ਰੁਚੀ ਵੀ ਵਧਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ, ਤਾਂ ਇਹ ਦੇਖ ਕੇ ਬਹੁਤ ਤਸੱਲੀ ਹੁੰਦੀ ਹੈ ਕਿ ਸਾਡੇ ਨੌਜਵਾਨ ਵੀ ਮੁੜ ਆਪਣੇ ਖੇਡ ਮੈਦਾਨਾਂ ਤੇ ਆਪਣੀ ਮਿੱਟੀ ਵੱਲ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸ਼ਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ ਹਨ, ਸਗੋਂ ਇਹ ਨੌਜਵਾਨਾਂ ’ਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਤੇ ਆਪਸੀ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਖੇਡਾਂ ਨਾਲ ਜੁੜਿਆ ਨੌਜਵਾਨ ਆਪਣੇ ਜੀਵਨ ’ਚ ਨਵੀਆਂ ਮੰਜ਼ਿਲਾਂ ਹਾਸਲ ਕਰਨ ਦੇ ਨਾਲ-ਨਾਲ ਸਮਾਜ ਤੇ ਸੂਬੇ ਦੀ ਤਰੱਕੀ ’ਚ ਵੀ ਅਹਿਮ ਯੋਗਦਾਨ ਪਾ ਸਕਦਾ ਹੈ।
ਬੈਂਸ ਨੇ ਪਹਿਲਾ ਕਬੱਡੀ ਕੱਪ ਕਰਵਾਉਣ ਲਈ ਪਿੰਡ ਦੇ ਨੌਜਵਾਨਾਂ ਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ’ਚ ਹਿੱਸਾ ਲੈਣ ਤੇ ਆਪਣੀ ਮਿਹਨਤ ਤੇ ਲਗਨ ਨਾਲ ਪਿੰਡ, ਇਲਾਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੀ ਨੌਜਵਾਨੀ ਹੈ ਤੇ ਜਦੋਂ ਨੌਜਵਾਨ ਮੈਦਾਨਾਂ ’ਚ ਆਪਣੀ ਤਾਕਤ ਦਿਖਾਉਣਗੇ ਤਾਂ ਪੰਜਾਬ ਮੁੜ ਖੇਡਾਂ ਦੇ ਖੇਤਰ ’ਚ ਆਪਣੀ ਪੁਰਾਣੀ ਸ਼ਾਨ ਹਾਸਲ ਕਰੇਗਾ।