ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, 1 ਦੀ ਮੌਤ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਜ਼ੋਰਦਾਰ ਟੱਕਰ
Publish Date: Sun, 22 Nov 2026 05:16 PM (IST)
Updated Date: Sun, 22 Nov 2026 05:19 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਨੂਰਪੁਰਬੇਦੀ ਇਲਾਕੇ ਅਧੀਨ ਪੈਂਦੇ ਪਿੰਡ ਬੜੀਵਾਲ ਵਿਖੇ ਬ੍ਰਿਟਿਸ਼ ਕੋਲੰਬੀਆ ਸਕੂਲ ਦੇ ਨੇੜੇ ਬੀਤੀ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸਾ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕਾਰ ਚਾਲਕ ਦੀ ਪਛਾਣ ਕਰਦਿਆਂ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਸਤਾਬਗੜ੍ਹ, ਜ਼ਿਲ੍ਹਾ ਲੁਧਿਆਣਾ ਆਪਣੇ ਭਤੀਜੇ ਜੀਤ ਸਿੰਘ (21) ਪੁੱਤਰ ਸ਼ਾਮ ਸਿੰਘ ਤੇ ਗੁਰਦਿੱਤ ਸਿੰਘ (21) ਪੁੱਤਰ ਅਵਤਾਰ ਸਿੰਘ ਨਾਲ 21 ਨਵੰਬਰ ਨੂੰ ਪਿੰਡ ਕਾਹਨਪੁਰ ਖੂਹੀ ਵਿਖੇ ਪਸ਼ੂ ਦੇਖਣ ਆਏ ਸਨ। ਪਸ਼ੂ ਦੇਖਣ ਉਪਰੰਤ ਉਹ ਰੂਪਨਗਰ ਵੱਲ ਜਾ ਰਹੇ ਸਨ। ਗਿਆਨ ਸਿੰਘ ਆਪਣੇ ਮੋਟਰਸਾਈਕਲ ’ਤੇ ਅੱਗੇ ਜਾ ਰਿਹਾ ਸੀ, ਜਦਕਿ ਜੀਤ ਸਿੰਘ ਤੇ ਗੁਰਦਿੱਤ ਸਿੰਘ ਮੋਟਰਸਾਈਕਲ ਨੰਬਰ ਪੀਬੀ-32-3164 ’ਤੇ ਉਸ ਦੇ ਪਿੱਛੇ ਆ ਰਹੇ ਸਨ। ਰਾਤ ਕਰੀਬ 9:20 ਵਜੇ ਜਦੋਂ ਉਹ ਪਿੰਡ ਬੜੀਵਾਲ ਵਿਖੇ ਬ੍ਰਿਟਿਸ਼ ਕੋਲੰਬੀਆ ਸਕੂਲ ਨੇੜੇ ਪੁੱਜੇ ਤਾਂ ਨੂਰਪੁਰਬੇਦੀ ਵਾਲੇ ਪਾਸਿਓਂ ਆ ਰਹੀ ਇੱਕ ਚਿੱਟੇ ਰੰਗ ਦੀ ਆਈ-20 ਕਾਰ ਦੇ ਚਾਲਕ ਨੇ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਕਾਰ ਚਲਾਉਂਦਿਆਂ ਅੱਗੇ ਜਾ ਰਹੇ ਵਾਹਨ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਪਿੱਛੇ ਆ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨ ਸੜਕ ’ਤੇ ਜਾ ਡਿੱਗੇ ਤੇ ਕਾਰ ਜੀਤ ਸਿੰਘ ਉੱਪਰੋਂ ਲੰਘ ਗਈ। ਇਸ ਹਾਦਸੇ ’ਚ ਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੁਰਦਿੱਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸ਼ਿਕਾਇਤਕਰਤਾ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਕੁਝ ਦੂਰੀ ’ਤੇ ਕਾਰ ਰੋਕੀ ਤੇ ਮੌਕੇ ’ਤੇ ਆ ਗਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਝੱਜ, ਥਾਣਾ ਨੂਰਪੁਰਬੇਦੀ ਵਜੋਂ ਦੱਸੀ। ਹਾਦਸੇ ਦੀ ਸੂਚਨਾ ਮਿਲਣ ’ਤੇ ਨੂਰਪੁਰਬੇਦੀ ਪੁਲਿਸ ਦੀ ਟੀਮ ਮੌਕੇ ’ਤੇ ਪੁੱਜੀ। ਮ੍ਰਿਤਕ ਜੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾਘਰ ’ਚ ਰਖਵਾਇਆ ਗਿਆ, ਜਦਕਿ ਜ਼ਖ਼ਮੀ ਗੁਰਦਿੱਤ ਸਿੰਘ ਨੂੰ ਇਲਾਜ ਲਈ ਸੀ.ਐੱਚ.ਸੀ. ਸਿੰਘਪੁਰ ਲਿਜਾਇਆ ਗਿਆ। ਉੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜੀ.ਐੱਮ.ਸੀ.ਐੱਚ. ਸੈਕਟਰ-32, ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਉਸ ਨੂੰ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ’ਚ ਇਲਾਜ ਲਈ ਭੇਜਿਆ ਗਿਆ। ਇਸ ਮਾਮਲੇ ਸਬੰਧੀ ਗਿਆਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੂਰਪੁਰਬੇਦੀ ਦੀ ਪੁਲਿਸ ਨੇ ਕਾਰ ਨੰਬਰ ਐਚਪੀ-93-3485 ਦੇ ਚਾਲਕ ਗੁਰਪ੍ਰੀਤ ਸਿੰਘ ਬੀਐੱਨਐੱਸ ਦੀਆਂ ਧਾਰਾਵਾਂ 281 ਤੇ 106(1) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।