ਪ੍ਰਕਾਸ਼ ਪੁਰਬ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Publish Date: Sun, 22 Nov 2026 05:18 PM (IST)
Updated Date: Sun, 22 Nov 2026 05:19 PM (IST)
ਭਲਕੇ ਪਾਏ ਜਾਣਗੇ ਭੋਗ, ਦੁਪਹਿਰ 1 ਵਜੇ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਸੁਰਿੰਦਰ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ ਅਤੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੁਪਹਿਰ 1 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਰਸਤਿਆਂ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾਵੇਗਾ ਅਤੇ ਵੱਖ-ਵੱਖ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੇਰ ਰਾਤ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਕੀਤੀ ਗਈ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਧਾਰਮਿਕ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।