ਪੰਜਾਬ ਨੂੰ ਬਰਬਾਦੀ ਵੱਲ ਧੱਕ ਰਹੀ ‘ਆਪ’ ਸਰਕਾਰ : ਕੇਵਲ ਢਿੱਲੋਂ ਪੰਜਾਬ ਨੂੰ ਬਰਬਾਦੀ ਵੱਲ ਧੱਕ ਰਹੀ ਹੈ ‘ਆਪ’ ਸਰਕਾਰ, ਭਾਜਪਾ ਹੀ ਸੂਬੇ ਨੂੰ ਵਿਕਾਸ
Publish Date: Sun, 22 Nov 2026 05:38 PM (IST)
Updated Date: Sun, 22 Nov 2026 05:40 PM (IST)
ਭਾਜਪਾ ਹੀ ਸੂਬੇ ਨੂੰ ਲਿਆ ਸਕਦੀ ਹੈ ਵਿਕਾਸ ਦੀਆਂ ਲੀਹਾਂ ’ਤੇ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਰਬਾਦੀ ਵੱਲ ਧੱਕ ਦਿੱਤਾ ਹੈ ਤੇ ਸੂਬੇ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਭਾਰਤੀ ਜਨਤਾ ਪਾਰਟੀ ਵੱਲ ਦੇਖ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਪਿੰਡ ਮਾਂਗੇਵਾਲ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ। ਢਿੱਲੋ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ, ਗੈਂਗਸਟਰਵਾਦ ਤੇ ਬਦਹਾਲੀ ਵਰਗੀਆਂ ਸਮੱਸਿਆਵਾਂ ਗੰਭੀਰ ਚੁਣੌਤੀ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ’ਚ ਹੋ ਰਹੇ ਵਿਕਾਸ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਹਰਿਆਣਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਕੱਲੇ ਗੁਰੂਗ੍ਰਾਮ ਦੀ ਆਮਦਨ ਪੰਜਾਬ ਦੀ ਸਮੁੱਚੀ ਆਰਥਿਕਤਾ ਨਾਲੋਂ ਵੀ ਵੱਡੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ’ਚ ਕਾਨੂੰਨ ਵਿਵਸਥਾ ਤੇ ਗੁਜਰਾਤ ’ਚ ਉਦਯੋਗਿਕ ਵਿਕਾਸ ਦੀਆਂ ਉਦਾਹਰਨਾਂ ਵੀ ਉਨ੍ਹਾਂ ਨੇ ਪੇਸ਼ ਕੀਤੀਆਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਅਰਥਵਿਵਸਥਾ ਨੇ ਤਰੱਕੀ ਕੀਤੀ ਹੈ ਤੇ ਭਾਰਤ ਦੁਨੀਆ ਦੀ ਪੰਜਵੀਂ ਵੱਡੀ ਅਰਥਵਿਵਸਥਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਵਿਕਾਸ ਦੇ ਅਜਿਹੇ ਮਾਡਲ ਦੀ ਲੋੜ ਹੈ ਤੇ ਭਾਜਪਾ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣਾ ਰੋਡਮੈਪ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਸਬੰਧੀ ਲੋਕਾਂ ਤੋਂ ਸੁਝਾਅ ਲਏ ਜਾ ਰਹੇ ਹਨ। ਪਾਰਟੀ ਦੀ ਚੋਣ ਤਿਆਰੀ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੂਰੇ ਸੂਬੇ ’ਚ ਆਪਣੇ ਪੱਧਰ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਉਨ੍ਹਾਂ ਦਾ ਸਟੈਂਡ ਸਪੱਸ਼ਟ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਨਜ਼ਦੀਕੀ ਪਿੰਡ ਮਾਂਗੇਵਾਲ ਵਿਖੇ ਨਵਾਂ ਘਰ ਬਣਾਇਆ ਗਿਆ ਹੈ, ਜਿਸ ਦੀ ਚੱਠ ਮੌਕੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਇੱਥੇ ਪੁੱਜੇ ਸਨ। ਦੱਸਣ ਯੋਗ ਹੈ ਕਿ ਸਭਾ ਚੋਣਾਂ ਲਈ ਡਾ. ਸੁਭਾਸ਼ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਸੰਭਾਵੀ ਉਮੀਦਵਾਰਾਂ ਵਿੱਚੋਂ ਸਭ ਤੋਂ ਪਹਿਲੇ ਨੰਬਰ ਤੇ ਦੇਖਿਆ ਜਾ ਰਿਹਾ ਹੈ ’ਤੇ ਇਸੇ ਕਰਕੇ ਉਹਨਾਂ ਵੱਲੋਂ ਚੋਣਾਂ ਤੋਂ ਪਹਿਲਾਂ ਪਿੰਡ ਮਾਂਗੇਵਾਲ ਵਿਖੇ ਨਵਾਂ ਘਰ ਵੀ ਬਣਾਇਆ ਗਿਆ।