ਪੰਜਾਬ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ’ਚ ਧੱਕਿਆ: ਡਾ. ਚੀਮਾ ਪੰਜਾਬ ਸਰਕਾਰ ਨੇ ਸੂਬੇ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕਿਆ, ਲੋਕਾਂ ਦਾ ਪੈਸਾ
Publish Date: Sun, 22 Nov 2026 05:41 PM (IST)
Updated Date: Sun, 22 Nov 2026 05:43 PM (IST)
ਪ੍ਰਚਾਰ ’ਤੇ ਲੁਟਾਇਆ ਜਾ ਰਿਹੈ ਲੋਕਾਂ ਦਾ ਪੈਸਾ, ਰੋਜ਼ਾਨਾ 90 ਕਰੋੜ ਦਾ ਨਵਾਂ ਕਰਜ਼ਾ ਲੈਣ ਦਾ ਦਾਅਵਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਰਜ਼ੇ ਹੇਠ ਦੱਬ ਚੁੱਕਾ ਹੈ, ਜਦਕਿ ਸਰਕਾਰ ਲੋਕਾਂ ਦੇ ਪੈਸੇ ਨੂੰ ਵਿਕਾਸ ਦੀ ਬਜਾਏ ਇਸ਼ਤਿਹਾਰਬਾਜ਼ੀ ਤੇ ਫ਼ਜ਼ੂਲ ਖ਼ਰਚੀ ’ਤੇ ਲਗਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਿਰ ਸਾਢੇ ਤਿੰਨ ਲੱਖ ਕਰੋੜ ਰੁਪਏ ਦੇ ਕਰੀਬ ਕਰਜ਼ਾ ਹੈ ਤੇ ਰੋਜ਼ਾਨਾ ਲਗਭਗ 90 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈ ਕੇ ਸਰਕਾਰੀ ਕੰਮਕਾਜ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੇਣ ’ਚ ਅਸਮਰੱਥ ਹੈ, ਪਰ ਪ੍ਰਚਾਰ ’ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਰੋਪੜ ਤੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ’ਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ, ਬਿਜਲੀ ਬਿੱਲਾਂ ਦੇ ਬਕਾਏ ਤੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਪੀਸੀਐੱਸ ਭਰਤੀ ਦੇ ਮਾਮਲੇ ’ਤੇ ਉਨ੍ਹਾਂ ਦੋਸ਼ ਲਾਇਆ ਕਿ ਭਰਤੀ ਪ੍ਰਕਿਰਿਆ ’ਚ ਬੇਨਿਯਮੀਆਂ ਦੇ ਗੰਭੀਰ ਸਵਾਲ ਉੱਠੇ ਹਨ ਤੇ ਅਦਾਲਤੀ ਦਖ਼ਲਅੰਦਾਜ਼ੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ’ਚ ਪਾਰਦਰਸ਼ਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਸ੍ਰੀ ਆਨੰਦਪੁਰ ਸਾਹਿਬ ਦੀ ਸਫ਼ਾਈ ਸਬੰਧੀ ਸਰਕਾਰੀ ਦਾਅਵਿਆਂ ’ਤੇ ਵੀ ਉਨ੍ਹਾਂ ਸਵਾਲ ਉਠਾਏ। ਇਸ ਮੌਕੇ ਨੰਬਰਦਾਰ ਸੰਦੀਪ ਸਿੰਘ ਕਲੋਤਾ ਤੇ ਦਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਆਗੂ ਵੀ ਮੌਜੂਦ ਸਨ।