ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sun, 22 Nov 2026 06:38 PM (IST)
Updated Date: Sun, 22 Nov 2026 06:40 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਅਕਾਲ ਅਕੈਡਮੀ ਕਮਾਲਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਉਤਸ਼ਾਹਪੂਰਨ ਮਾਹੌਲ ’ਚ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ, ਪ੍ਰਿੰਸੀਪਲ ਅਕਾਲ ਅਕੈਡਮੀ ਖਮਾਣੋਂ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪਰਮਾਤਮਾ ਦੀ ਯਾਦ ’ਚ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਕਵੀਸ਼ਰੀਆਂ ਅਤੇ ਵੱਖ-ਵੱਖ ਸਮਾਜਿਕ ਤੇ ਸੱਭਿਆਚਾਰਕ ਵਿਸ਼ਿਆਂ ਨੂੰ ਆਧਾਰਿਤ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਬੱਚਿਆਂ ਦੀਆਂ ਪੇਸ਼ਕਾਰੀਆਂ ਰਾਹੀਂ ਸਮਾਜਿਕ ਸਰੋਕਾਰਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਨੈਤਿਕ ਸੰਦੇਸ਼ਾਂ ਨੂੰ ਬਾਖੂਬੀ ਉਜਾਗਰ ਕੀਤਾ ਗਿਆ। ਇਸ ਮੌਕੇ ਸਾਲ ਭਰ ਦੌਰਾਨ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਭਾਗੀਦਾਰੀ ਕਰਨ ਵਾਲੇ, ਪੜ੍ਹਾਈ ’ਚ ਮੱਲਾਂ ਮਾਰਨ ਵਾਲੇ ਅਤੇ ਖੇਡਾਂ ਦੇ ਖੇਤਰ ’ਚ ਅਹਿਮ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਇਹ ਪਲ ਮਾਣ ਅਤੇ ਹੌਸਲਾ ਅਫਜ਼ਾਈ ਦਾ ਸਬੱਬ ਬਣੇ, ਜਦਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਜੀਵਨ ’ਚ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦੀ ਪ੍ਰੇਰਨਾ ਮਿਲੀ। ਅੰਤ ’ਚ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਉਤਸ਼ਾਹ ਅਤੇ ਸਮਰਪਣ ਨਾਲ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸਕੂਲ ਦੀਆਂ ਗਤੀਵਿਧੀਆਂ ’ਚ ਮਿਲ ਰਹੇ ਸਹਿਯੋਗ ਨੂੰ ਅਹਿਮ ਦੱਸਿਆ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।