ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਖਾਲਸਾ ਕਾਲਜ ਸਟਾਫ ਵੱਲੋਂ ਵਧਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਖਾਲਸਾ ਕਾਲਜ ਦੇ ਸਟਾਫ ਵੱਲੋਂ ਮੁਬਾਰਕਬਾਦ
Publish Date: Mon, 23 Nov 2026 04:33 PM (IST)
Updated Date: Mon, 23 Nov 2026 04:34 PM (IST)
ਵਿਦਿਅਕ ਅਦਾਰਿਆਂ ਦੀ ਤਰੱਕੀ ਤੇ ਸਿੱਖਿਆ ਦੇ ਪਸਾਰ ’ਚ ਪਾਏ ਯੋਗਦਾਨ ਨੂੰ ਸਰਾਹਿਆ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਾਲਸਾ ਕਾਲਜ, ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ, ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਛੇਵੀਂ ਵਾਰ ਇਸ ਵੱਕਾਰੀ ਅਹੁਦੇ ਲਈ ਚੁਣਿਆ ਜਾਣਾ ਉਨ੍ਹਾਂ ਦੀ ਯੋਗ ਅਗਵਾਈ, ਪ੍ਰਬੰਧਕੀ ਤਜਰਬੇ ਤੇ ਪੰਥਕ ਸੇਵਾਵਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਧਾਰਮਿਕ ਵਿਰਾਸਤ ਦੀ ਸੰਭਾਲ ਤੇ ਸਿੱਖਿਆ ਦੇ ਪਸਾਰ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਡਾ. ਜਸਵੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਸਮਾਜ ’ਚ ਗਿਆਨ, ਨੈਤਿਕ ਕਦਰਾਂ-ਕੀਮਤਾਂ ਤੇ ਸਿੱਖੀ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ’ਚ ਅਹਿਮ ਯੋਗਦਾਨ ਪਾ ਰਹੇ ਹਨ। ਇਨ੍ਹਾਂ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦਾ ਕਾਰਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਵਿਦਿਅਕ ਅਦਾਰਿਆਂ ਦੀ ਬਿਹਤਰੀ, ਆਧੁਨਿਕ ਸਿੱਖਿਆ ਦੇ ਪਸਾਰ ਤੇ ਨੌਜਵਾਨ ਪੀੜ੍ਹੀ ਦੇ ਸਰਬਪੱਖੀ ਵਿਕਾਸ ਲਈ ਪਹਿਲਾਂ ਨਾਲੋਂ ਵੱਧ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਕਾਨੂੰਨੀ ਤਜਰਬਾ, ਸੰਸਥਾਗਤ ਮਾਮਲਿਆਂ ਦੀ ਡੂੰਘੀ ਸਮਝ ਤੇ ਪੰਥਕ ਸਰੋਕਾਰਾਂ ਪ੍ਰਤੀ ਗੰਭੀਰ ਪਹੁੰਚ ਉਨ੍ਹਾਂ ਦੀ ਸ਼ਖ਼ਸੀਅਤ ਦੇ ਅਹਿਮ ਗੁਣ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਰਗੀ ਸਿਰਮੌਰ ਸੰਸਥਾ ਦੀ ਅਗਵਾਈ ਲੰਬੇ ਸਮੇਂ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਵੱਲੋਂ ਕੀਤੀ ਜਾ ਰਹੀ ਹੈ ਤੇ ਉਹ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਇਹ ਸੇਵਾ ਨਿਭਾ ਰਹੇ ਹਨ ਜਿਸ ਦੇ ਚਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਮੂਹ ਸੰਸਥਾਵਾਂ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀਆਂ ਹਨ। ਅੰਤ ’ਚ ਡਾ. ਜਸਵੀਰ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਤੇ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦਾ ਸਮੁੱਚਾ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਵੀ ਮੌਜੂਦ ਸੀ।