ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Mon, 23 Nov 2026 04:58 PM (IST)
Updated Date: Mon, 23 Nov 2026 05:01 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਕਵਿਤਾਵਾਂ ਪੜ੍ਹੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਭਾਸ਼ਣ ਵੀ ਦਿੱਤੇ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਬਾਖੂਬੀ ਉਜਾਗਰ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਆਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਇੱਕ ਪਰਮਾਤਮਾ ਦੀ ਭਗਤੀ ਕਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਤੇ ਸਮਾਜਿਕ ਵਿਤਕਰਿਆਂ ਦਾ ਖੰਡਨ ਕਰਦਿਆਂ ਸਮਾਨਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਦਾ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸਿਧਾਂਤ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੰਜਨਾ ਦੇਵੀ, ਪਰਵਿੰਦਰ ਕੌਰ, ਮਨਜੀਤ ਕੌਰ, ਸ਼ਾਲਨੀ ਸ਼ਰਮਾ, ਪਰਵੀਨ ਕੌਰ, ਲਵਲੀਨ ਕੌਰ, ਨੀਰਜ ਬਿੰਦਰਾ , ਥਲਜੀਤ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।