ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਡੇਢ ਦਰਜਨ ਵਾਹਨ ਚਾਲਕਾਂ ਦੇ ਕੱਟੇ ਚਲਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਡੇਢ ਦਰਜਨ ਦੇ ਕਰੀਬ ਚਲਾਨ ਕੱਟੇ
Publish Date: Mon, 23 Nov 2026 05:13 PM (IST)
Updated Date: Mon, 23 Nov 2026 05:16 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਕੀਰਤਪੁਰ ਸਾਹਿਬ ਵਿਖੇ ਟਰੈਫਿਕ ਪੁਲਿਸ ਵੱਲੋਂ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਗ਼ਲਤ ਥਾਵਾਂ ’ਤੇ ਵਾਹਨ ਖੜ੍ਹੇ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਡੇਢ ਦਰਜਨ ਦੇ ਕਰੀਬ ਚਲਾਨ ਕੱਟੇ ਗਏ। ਟਰੈਫਿਕ ਪੁਲਿਸ ਵੱਲੋਂ ਇਹ ਕਾਰਵਾਈ ਅੱਜ ਸ਼ਹਿਰ ਦੇ ਮੇਨ ਬਾਜ਼ਾਰ, ਅੰਬ ਵਾਲਾ ਚੌਂਕ, ਪਤਾਲਪੁਰੀ ਚੌਂਕ ਤੇ ਪੁਰਾਣੇ ਬੱਸ ਅੱਡੇ ਵਿਖੇ ਕੀਤੀ ਗਈ। ਏਐੱਸਆਈ ਬਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਗ਼ਲਤ ਥਾਵਾਂ ’ਤੇ ਵਾਹਨ ਖੜ੍ਹੇ ਕਰਕੇ ਆਵਾਜਾਈ ’ਚ ਵਿਘਨ ਪਾਉਣ ਵਾਲਿਆਂ ਦੇ ਡੇਢ ਦਰਜਨ ਦੇ ਕਰੀਬ ਚਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣੀ ਬੇਹੱਦ ਜ਼ਰੂਰੀ ਹੈ। ਏਐੱਸਆਈ ਬਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਉਮੀਦ ਪ੍ਰਗਟਾਈ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕੀਤੀ ਜਾਵੇ। ਇਸ ਤੋਂ ਇਲਾਵਾ ਹਰੇਕ ਵਾਹਨ ਦੇ ਲੋੜੀਂਦੇ ਕਾਗਜ਼ਾਤ, ਇਨਸ਼ੋਰੈਂਸ ਤੇ ਡਰਾਈਵਿੰਗ ਲਾਇਸੈਂਸ ਆਦਿ ਮੁਕੰਮਲ ਤੇ ਵੈਧ ਹੋਣੇ ਚਾਹੀਦੇ ਹਨ। ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤੇ ਆਪਣੇ ਵਾਹਨ ਸੜਕਾਂ ਜਾਂ ਬਾਜ਼ਾਰਾਂ ’ਚ ਬੇਤਰਤੀਬੇ ਢੰਗ ਨਾਲ ਖੜ੍ਹੇ ਨਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਆਪਣੀ ਤੇ ਦੂਜਿਆਂ ਦੀ ਜਾਨ ਦੀ ਸੁਰੱਖਿਆ ਲਈ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਏਐੱਸਆਈ ਬਲਵੰਤ ਸਿੰਘ ਤੇ ਕਮਲਜੀਤ ਸਿੰਘ ਵੀ ਹਾਜ਼ਰ ਸਨ।