ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Mon, 23 Nov 2026 05:42 PM (IST)
Updated Date: Mon, 23 Nov 2026 05:43 PM (IST)
ਪਵਿੱਤਰ ਪਾਲਕੀ ਦੇ ਅੱਗੇ ਬੈਂਡ ਦੀਆਂ ਮਨਮੋਹਕ ਧੁਨਾਂ ਨੇ ਮੋਹਿਆ ਮਨ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਦੁਪਹਿਰ ਕਰੀਬ 12:30 ਵਜੇ ਨਗਰ ਕੀਰਤਨ ਦੀ ਆਰੰਭਤਾ ਹੋਈ, ਜਿਸ ਦੀ ਅਰਦਾਸ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਅੱਗੇ ਵਧ ਰਿਹਾ ਸੀ। ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਉਂਦਿਆਂ ਐੱਸਜੀਐੱਸ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਅਨੰਦਪੁਰ ਸਾਹਿਬ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਨੰਦਪੁਰ ਸਾਹਿਬ, ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਪਾਲਕੀ ਦੇ ਅੱਗੇ ਬੈਂਡ ਦੀਆਂ ਮਨਮੋਹਕ ਧੁਨਾਂ ਵਜਾਈਆਂ ਜਾ ਰਹੀਆਂ ਸਨ। ਪਾਲਕੀ ਸਾਹਿਬ ਦੇ ਪਿੱਛੇ ਇਸਤਰੀ ਸਤਿਸੰਗ ਸਭਾ ਸ੍ਰੀ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰ, ਰਾਮ ਮੰਦਰ ਚੌਕ, ਅੰਬ ਵਾਲਾ ਚੌਂਕ , ਗੁਰਦੁਆਰਾ ਬਾਬਾ ਸ੍ਰੀ ਚੰਦ ਅਤੇ ਪੁਰਾਣੇ ਬੱਸ ਅੱਡੇ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸਵਾਗਤ ਲਈ ਰਸਤੇ ’ਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸਵਾਗਤੀ ਪੜਾਅ ਲਗਾਏ ਗਏ ਸਨ। ਸਭ ਤੋਂ ਪਹਿਲਾ ਪੜਾਅ ਰਾਮ ਮੰਦਰ ਚੌਕ ਵਿਖੇ ਲਗਾਇਆ ਗਿਆ, ਇਸ ਤੋਂ ਇਲਾਵਾ ਰਸਤੇ ’ਚ ਹੋਰ ਵੱਖ-ਵੱਖ ਪੜਾਵਾਂ ’ਤੇ ਵੀ ਸੇਵਾਦਾਰਾਂ ਵੱਲੋਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪ੍ਰਸ਼ਾਦ ਵੰਡਿਆ ਗਿਆ। ਇਸ ਦੌਰਾਨ ਸ਼ਹਿਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ ਗਈ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਦੀ ਸਹੂਲਤ ਲਈ ਸਟੇਜਾਂ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਅਤੇ ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਸਰਬ ਦਿਆਲ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਮੈਨੇਜਰ ਅਮਰਜੀਤ ਸਿੰਘ ਬਾੜੀਆ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਮੈਨੇਜਰ ਸੁਖਬੀਰ ਸਿੰਘ ਕਲਵਾਂ ਗੁਰਦੁਆਰਾ ਪਤਾਲਪੁਰੀ ਸਾਹਿਬ, ਗਿਆਨੀ ਬਖ਼ਸ਼ੀਸ਼ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ, ਬੀਬੀ ਪਰਮਜੀਤ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ ਕੀਰਤਪੁਰ ਸਾਹਿਬ, ਗੁਰਮੀਤ ਸਿੰਘ ਟੀਨਾ ਪ੍ਰਧਾਨ ਕੀਰਤਪੁਰ ਸਾਹਿਬ, ਸੁਖਦੇਵ ਸਿੰਘ ਰਾਣਾ, ਗੁਰਪ੍ਰੀਤ ਸਿੰਘ ਭੋਗਲ, ਗਿਆਨੀ ਕਮਲਜੀਤ ਸਿੰਘ ਗ੍ਰੰਥੀ ਗੁਰਦੁਆਰਾ ਹਰਿਮੰਦਰ ਸਾਹਿਬ ਅਤੇ ਇੰਦਰਪਾਲ ਸਿੰਘ ਨਰੂਲਾ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।