ਵਿਛੋੜਾ ਪਬਲਿਕ ਸਕੂਲ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਰੋਪੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ
Publish Date: Mon, 23 Nov 2026 06:13 PM (IST)
Updated Date: Mon, 23 Nov 2026 06:16 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ, ਸਰਸਾ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਤੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੇ ਭਾਸ਼ਣ, ਕਵਿਤਾਵਾਂ, ਸ਼ਬਦ ਤੇ ਕਵੀਸ਼ਰੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਜੀ ਦੇ ਸਰਬ ਸਾਂਝੀਵਾਲਤਾ, ਸੱਚਾਈ, ਸਮਾਨਤਾ, ਮਨੁੱਖਤਾ ਦੀ ਸੇਵਾ ਤੇ ਆਪਸੀ ਪਿਆਰ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਸਕੂਲ ਦੇ ਪ੍ਰਿੰਸੀਪਲ ਸ. ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਾਨੂੰ ਨਿਮਰਤਾ, ਇਮਾਨਦਾਰੀ, ਸੇਵਾ ਤੇ ਭਾਈਚਾਰੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਨੇ ਸਮਾਗਮ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਜੋੜਨਾ, ਉਨ੍ਹਾਂ ’ਚ ਧਾਰਮਿਕ, ਨੈਤਿਕ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਤੇ ਪੰਜਾਬੀ ਭਾਸ਼ਾ ਤੇ ਸਾਹਿਤ ਪ੍ਰਤੀ ਰੁਚੀ ਪੈਦਾ ਕਰਨਾ ਸੀ। ਇਸ ਮੌਕੇ ਬੱਚੇ ਤੇ ਉਨ੍ਹਾਂ ਦੇ ਮਾਪਿਆਂ ਨਾਲ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।