ਖ਼ਾਲਸਾ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Publish Date: Mon, 23 Nov 2026 06:41 PM (IST)
Updated Date: Mon, 23 Nov 2026 06:43 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਨਾਲ ਹੋਈ। ਇਸ ਉਪਰੰਤ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨਾਲ ਸਬੰਧਿਤ ਕਵਿਤਾਵਾਂ, ਗੀਤ, ਸਾਖੀਆਂ ਤੇ ਕਵੀਸ਼ਰੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੇ ਐੱਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਤੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫ਼ੇ ਤੇ ਉਨ੍ਹਾਂ ਵੱਲੋਂ ਦਿੱਤੇ ਸਰਬੱਤ ਦੇ ਭਲੇ, ਬਰਾਬਰਤਾ, ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਸੰਦੇਸ਼ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਸਮੂਹ ਵਿਦਿਆਰਥੀਆਂ ਤੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।