ਮਧੂਵਨ ਵਾਟਿਕਾ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਮਧੂਵਨ ਵਾਟਿਕਾ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Tue, 24 Nov 2026 03:21 PM (IST)
Updated Date: Tue, 24 Nov 2026 03:22 PM (IST)
ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਕਰਵਾਇਆ ਜਾਣੂ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਰੰਗ ’ਚ ਰੰਗਿਆ ਨਜ਼ਰ ਆਇਆ। ਸਮਾਗਮ ਦੀਆਂ ਤਿਆਰੀਆਂ ਤਹਿਤ ਪਿਛਲੇ ਕਈ ਦਿਨਾਂ ਤੋਂ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਸਨ। ਇਸ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਬਾਖੂਬੀ ਪੇਸ਼ ਕੀਤਾ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੀ ਪੂਰੀ ਸ਼ਰਧਾ ਨਾਲ ਇਨ੍ਹਾਂ ਗਤੀਵਿਧੀਆਂ ’ਚ ਭਾਗ ਲੈਂਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨਰਸਰੀ ਤੋਂ ਯੂ.ਕੇ.ਜੀ. ਤੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੀ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕੀਤੀ। ਬੱਚਿਆਂ ਵੱਲੋਂ ਕੀਰਤਨ ਤੇ ਪਾਠ ਕਰਨ ਉਪਰੰਤ ਸਮੂਹਿਕ ਤੌਰ ਤੇ ਵਾਹਿਗੁਰੂ ਦਾ ਜਾਪ ਕੀਤਾ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਅਮਿਤ ਚੱਢਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਸਦੀਵੀ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਇਮਾਨਦਾਰੀ, ਬਰਾਬਰਤਾ, ਭਾਈਚਾਰੇ ਤੇ ਨਿਰਸਵਾਰਥ ਸੇਵਾ ਦਾ ਮਾਰਗ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਧਾਰਮਿਕ ਤੇ ਸੱਭਿਆਚਾਰਕ ਸਮਾਗਮਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਤਾਂ ਜੋ ਉਹ ਆਪਣੇ ਅਮੀਰ ਵਿਰਸੇ, ਧਾਰਮਿਕ ਸਾਂਝ ਤੇ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਹੋ ਕੇ ਚੰਗੇ ਨਾਗਰਿਕ ਬਣ ਸਕਣ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਸ੍ਰੀ ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ, ਪ੍ਰਿੰਸੀਪਲ ਅਨੂੰ ਕੌਸ਼ਲ, ਮੈਡਮ ਸੁਰੇਖਾ ਰਾਣਾ, ਕੁਲਦੀਪ ਕੌਰ, ਕਿਰਨ ਹੱਲਣ, ਸੀਮਾ ਵਸ਼ਿਸ਼ਟ, ਮਨਪ੍ਰੀਤ ਕੌਰ, ਹਰਸਿਮਰਤ ਕੌਰ, ਹਰਸ਼ਵਿੰਦਰ ਕੌਰ, ਅਨੀਤਾ ਰਾਣੀ, ਬਬੀਤਾ ਰਾਣਾ, ਰਜਨੀ ਤੇ ਸੁਦੇਸ਼ ਕੁਮਾਰੀ ਸਮੇਤ ਸਮੂਹ ਸਟਾਫ਼ ਹਾਜ਼ਰ ਸੀ। ਕੈਪਸ਼ਨ: ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ਼ਬਦ ਕੀਰਤਨ ਕਰਦੇ ਹੋਏ ਵਿਦਿਆਰਥੀ ਤੇ ਸ਼ਬਦ ਕੀਰਤਨ ਸਰਵਣ ਕਰਦੇ ਹੋਏ ਸਕੂਲ ਪ੍ਰਬੰਧਕ ਤੇ ਸਟਾਫ਼।