- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਗਾਇਆ ਵਿਸ਼ੇਸ਼ ਏ.ਐੱਨ.ਸੀ. ਕੈਂਪ

ਮੁਫ਼ਤ ਜਾਂਚ ਦੇ ਨਾਲ ਗਰਭਵਤੀ ਔਰਤਾਂ ਨੂੰ ਦਿੱਤੀਆਂ ਦਵਾਈਆਂ ਤੇ ਟੈਸਟ ਸਹੂਲਤਾਂ
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ: ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ.ਹਰਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਭਾਈ ਜੈਤਾ ਜੀ ਸਿਵਲ ਹਸਪਤਾਲ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਤੇ ਮਾਂ-ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਏਐੱਨਸੀ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਗਰਭਵਤੀ ਔਰਤਾਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ.ਸੁਨੈਨਾ ਗੁਪਤਾ ਵੱਲੋਂ ਗਰਭਵਤੀ ਔਰਤਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀਤਾ ਗਿਆ। ਉਨ੍ਹਾਂ ਨੇ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਸਿਹਤ ਪ੍ਰਤੀ ਸੁਚੇਤ ਰਹਿਣ, ਸਮੇਂ-ਸਮੇਂ ਸਿਰ ਡਾਕਟਰੀ ਜਾਂਚ ਕਰਵਾਉਣ ਤੇ ਸੰਤੁਲਿਤ ਤੇ ਪੌਸ਼ਟਿਕ ਖੁਰਾਕ ਲੈਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਸਮਝਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਣੇਪੇ ਤੋਂ ਪਹਿਲਾਂ ਤੇ ਬਾਅਦ ’ਚ ਮਾਂ ਤੇ ਨਵਜੰਮੇ ਬੱਚੇ ਦੀ ਦੇਖਭਾਲ ਸਬੰਧੀ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਡਾ. ਅਪਰਾਜਿਤਾ ਧਰਮਾਨੀ, ਐੱਲਐੱਚਵੀ. ਸੀਮਾ ਦੇਵੀ ਤੇ ਸਮੂਹ ਆਸ਼ਾ ਵਰਕਰਾਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਿਹਤ ਵਿਭਾਗ ਦੇ ਇਨ੍ਹਾਂ ਕਰਮਚਾਰੀਆਂ ਨੇ ਕੈਂਪ ਦੇ ਪ੍ਰਬੰਧਾਂ ’ਚ ਸਹਿਯੋਗ ਦੇਣ ਦੇ ਨਾਲ-ਨਾਲ ਗਰਭਵਤੀ ਔਰਤਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮਾਤਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।
ਕੈਂਪ ’ਚ ਪਹੁੰਚੀਆਂ ਗਰਭਵਤੀ ਔਰਤਾਂ ਨੂੰ ਲੋੜ ਅਨੁਸਾਰ ਦਵਾਈਆਂ ਤੇ ਵੱਖ-ਵੱਖ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਵੀ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਮਕਸਦ ਗਰਭਵਤੀ ਔਰਤਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਨੇੜੇ ਉਪਲਬਧ ਕਰਵਾਉਣਾ ਤੇ ਮਾਂ ਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਉਣਾ ਸੀ।