ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ’ਚ ਨਵੇਂ ਅਧਿਆਏ ਦੀ ਸ਼ੁਰੂਆਤ : ਇਸ਼ੂਪਾਲ ਚੌਧਰੀ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ: ਇਸ਼ੂਪਾਲ ਚੌਧਰੀ
Publish Date: Tue, 24 Nov 2026 04:15 PM (IST)
Updated Date: Tue, 24 Nov 2026 04:16 PM (IST)
ਪੰਜਾਬ ਦੀ ਰਾਜਨੀਤੀ ’ਚ ਅੱਜ ਦਾ ਦਿਨ ਅਹਿਮ, ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਸਿਆਸੀ ਸਮੀਕਰਨ ਬਦਲਣਗੇ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਤੇ ਮੁੜ ਗਠਜੋੜ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਰੂਪਨਗਰ ਤੋਂ ਸਰਗਰਮ ਭਾਜਪਾ ਆਗੂ ਤੇ ਜਲੰਧਰ ਦਿਹਾਤੀ ਉੱਤਰੀ ਦੇ ਜ਼ਿਲ੍ਹਾ ਇੰਚਾਰਜ ਇਸ਼ੂਪਾਲ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੀ ਸਿਆਸਤ ’ਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਇਹ ਐਲਾਨ ਦੋਵਾਂ ਪਾਰਟੀਆਂ ਦੇ ਲੰਮੇ ਸਿਆਸੀ ਸਬੰਧਾਂ ਨੂੰ ਮੁੜ ਨਵੀਂ ਦਿਸ਼ਾ ਦੇਣ ਵਾਲਾ ਹੈ। ਇਸ਼ੂਪਾਲ ਚੌਧਰੀ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਦਾ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਦੋਵਾਂ ਪਾਰਟੀਆਂ ਨੇ ਲੰਮਾ ਸਮਾਂ ਮਿਲ ਕੇ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਈ ਹੈ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਚੱਲੀ ਆ ਰਹੀ ਸਾਂਝ ਪੰਜਾਬ ਦੀ ਸਿਆਸੀ ਤਵਾਰੀਖ ਦਾ ਮਹੱਤਵਪੂਰਨ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਾਂ ਦੀਆਂ ਸਮੱਸਿਆਵਾਂ ਤੇ ਕਾਨੂੰਨ ਵਿਵਸਥਾ ਵਰਗੀਆਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ’ਚ ਸੂਬੇ ਦੇ ਵਿਕਾਸ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀ ਖੁਸ਼ਹਾਲੀ ਤੇ ਉਦਯੋਗਿਕ ਤਰੱਕੀ ਨੂੰ ਕੇਂਦਰ ’ਚ ਰੱਖ ਕੇ ਸਾਂਝੀ ਨੀਤੀ ਤਿਆਰ ਕਰਨਾ ਜ਼ਰੂਰੀ ਹੈ। ਚੌਧਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਵੱਲੋਂ ਲਿਆ ਗਿਆ ਇਹ ਫੈਸਲਾ ਵਰਕਰਾਂ ਲਈ ਵੀ ਮਹੱਤਵਪੂਰਨ ਹੈ। ਹੁਣ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ, ਸਤਿਕਾਰ ਤੇ ਸਹਿਯੋਗ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਠਜੋੜ ਦੀਆਂ ਅਗਲੀਆਂ ਨੀਤੀਆਂ ਤੇ ਸਾਂਝਾ ਚੋਣ ਮਨੋਰਥ ਪੱਤਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਲੋੜਾਂ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤਾ ਜਾਣਾ ਚਾਹੀਦਾ ਹੈ।