ਭਾਜਪਾ-ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਖ਼ੁਸ਼ਹਾਲੀ ਵੱਲ ਅਹਿਮ ਕਦਮ : ਰਾਣਾ ਸਤਬੀਰ ਭਾਜਪਾ-ਅਕਾਲੀ ਦਲ ਦਾ ਮੁੜ ਐਨਡੀਏ ਵਿੱਚ ਇਕੱਠੇ ਹੋਣਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵੱਲ ਅਹਿਮ ਕਦਮ : ਰਾਣਾ ਸਤਬੀਰ ਸਿੰਘ
Publish Date: Tue, 24 Nov 2026 04:47 PM (IST)
Updated Date: Tue, 24 Nov 2026 04:49 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਇਕੱਠੇ ਹੋ ਕੇ ਰਾਸ਼ਟਰੀ ਜਮਹੂਰੀ ਗਠਜੋੜ ਦਾ ਹਿੱਸਾ ਬਣਨ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਾਂਝੇ ਤੌਰ ’ਤੇ ਲੜਨ ਦੇ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਆਗੂ ਰਾਣਾ ਸਤਬੀਰ ਸਿੰਘ ਨੇ ਇਸ ਨੂੰ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਵੱਲ ਇੱਕ ਅਹਿਮ ਪਹਿਲਕਦਮੀ ਕਰਾਰ ਦਿੱਤਾ। ਇਸ ਖੁਸ਼ੀ ਦੇ ਮੌਕੇ ’ਤੇ ਰਾਣਾ ਸਤਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਨੰਬਰਦਾਰ ਸਰਦਾਰ ਸੰਦੀਪ ਸਿੰਘ ਕਲੋਤਾ ਦਫ਼ਤਰ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਤੇ ਭਵਿੱਖ ਦੀਆਂ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਸੀ ਸਹਿਯੋਗ ਕੋਈ ਨਵੀਂ ਗੱਲ ਨਹੀਂ, ਦੋਵੇਂ ਪਾਰਟੀਆਂ ਲੰਮੇ ਸਮੇਂ ਤੱਕ ਐੱਨਡੀਏ ’ਚ ਸਹਿਯੋਗੀ ਰਹੀਆਂ ਹਨ। ਸਾਲ 2020 ’ਚ ਵੱਖ ਹੋਣ ਤੋਂ ਬਾਅਦ ਮੁੜ ਇਕੱਠੇ ਹੋਣ ਦਾ ਇਹ ਫ਼ੈਸਲਾ ਪੰਜਾਬ ਦੀ ਰਾਜਨੀਤੀ ’ਚ ਇੱਕ ਨਵਾਂ ਅਧਿਆਇ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਦਿਹਾੜੇ ’ਤੇ ਇਹ ਐਲਾਨ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੇ ਵਧਦੇ ਪ੍ਰਚਲਨ, ਬੇਰੁਜ਼ਗਾਰੀ, ਉਦਯੋਗਾਂ ਦੀਆਂ ਸਮੱਸਿਆਵਾਂ ਤੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ’ਚ ਦਿਨ-ਦਿਹਾੜੇ ਹੋ ਰਹੀਆਂ ਕਤਲ ਦੀਆਂ ਘਟਨਾਵਾਂ ਤੇ ਅਪਰਾਧਿਕ ਵਾਰਦਾਤਾਂ ਨੇ ਆਮ ਲੋਕਾਂ ’ਚ ਚਿੰਤਾ ਪੈਦਾ ਕੀਤੀ ਹੈ। ਉਨ੍ਹਾਂ ਨੇ ਇਨ੍ਹਾਂ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੀ ਵਿਵਸਥਾ ਦੀ ਲੋੜ ਹੈ ਜੋ ਨੌਜਵਾਨਾਂ ਨੂੰ ਰੁਜ਼ਗਾਰ, ਲੋਕਾਂ ਨੂੰ ਸੁਰੱਖਿਆ ਤੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਅਨੁਕੂਲ ਮਾਹੌਲ ਦੇ ਸਕੇ।