• ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਵਿਖੇ ਨਤਮਸਤਕ ਹੋਏ ਹਰਜੋਤ ਬੈਂਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
Publish Date: Tue, 24 Nov 2026 05:34 PM (IST)
Updated Date: Tue, 24 Nov 2026 05:37 PM (IST)
ਗੁਰੂ ਸਾਹਿਬ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਸਦਾ ਮਨੁੱਖਤਾ ਦਾ ਮਾਰਗ ਦਰਸ਼ਨ ਕਰੇਗਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਤੇ ਇਤਿਹਾਸਕ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਹਲਕੇ ਦੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ ਤੇ ਸਾਂਝੀਵਾਲਤਾ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ’ਚ ਮੌਜੂਦ ਸੰਗਤਾਂ ਨਾਲ ਮਿਲ ਕੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਤੇ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਆਪਣੇ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਤਿਆਗ ਤੇ ਮਨੁੱਖਤਾ ਦੇ ਭਲੇ ਲਈ ਹਮੇਸ਼ਾ ਯਤਨਸ਼ੀਲ ਰਹਿਣ ਦੀ ਸਿੱਖਿਆ ਦਿੰਦਾ ਹੈ। ਇਸ ਪਵਿੱਤਰ ਮੌਕੇ ਉਨ੍ਹਾਂ ਮੁੜ ਸਮੁੱਚੇ ਪੰਜਾਬ ਵਾਸੀਆਂ ਦੀ ਸੁੱਖ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।