ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਲਈ ਨਵਾਂ ਅਧਿਆਏ ਲਿਖੇਗਾ : ਐਡਵੋਕੇਟ ਅਰਵਿੰਦ ਮਿੱਤਲ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀਤਰੱਕੀ ਲਈ ਨਵਾਂ ਅਧਿਆਏ ਲਿਖੇਗਾ : ਐਡਵੋਕੇਟ ਅਰਵਿੰਦ ਮਿੱਤਲ
Publish Date: Wed, 25 Nov 2026 04:23 PM (IST)
Updated Date: Wed, 25 Nov 2026 04:25 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਇਆ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦਾ ਨਵਾਂ ਅਧਿਆਏ ਲਿਖੇਗਾ। ਇਹ ਸਿਰਫ਼ ਦੋ ਪਾਰਟੀਆਂ ਦਾ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਲਈ ਇੱਕ ਇਤਿਹਾਸਕ ਪਹਿਲਕਦਮੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਐਡਵੋਕੇਟ ਅਰਵਿੰਦ ਮਿੱਤਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਇਆ ਇਹ ਗੱਠਜੋੜ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਭਾਵਨਾ ਤੇ ਪੰਜਾਬ ਦੇ ਲੋਕਾਂ ਦੀ ਇੱਛਾ ਦਾ ਸਨਮਾਨ ਹੈ। ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਉਦਯੋਗਾਂ ਦੀਆਂ ਸਮੱਸਿਆਵਾਂ ਤੇ ਕਾਨੂੰਨ ਵਿਵਸਥਾ ਵਰਗੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ। ਅਜਿਹੇ ਹਾਲਾਤ ’ਚ ਦੋਵਾਂ ਪਾਰਟੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਸੀ। ਐਡਵੋਕੇਟ ਮਿੱਤਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਅਕਾਲੀ-ਭਾਜਪਾ ਸਾਂਝ ਨੇ ਪੰਜਾਬ ਦੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਸੀ। ਹੁਣ ਮੁੜ ਗੱਠਜੋੜ ਮਜ਼ਬੂਤ ਹੋਣ ਨਾਲ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਗੱਠਜੋੜ ਦਾ ਮੁੱਖ ਉਦੇਸ਼ ਨੌਜਵਾਨਾਂ ਦਾ ਭਵਿੱਖ, ਕਿਸਾਨਾਂ ਦੀ ਖੁਸ਼ਹਾਲੀ ਤੇ ਪੰਜਾਬ ਦੀ ਆਰਥਿਕ ਮਜ਼ਬੂਤੀ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀ ਚੜ੍ਹਦੀ ਕਲਾ ਤੇ ਗੱਠਜੋੜ ਦੀ ਕਾਮਯਾਬੀ ਲਈ ਗੁਰੂ ਮਹਾਰਾਜ ਦੇ ਚਰਨਾਂ ’ਚ ਅਰਦਾਸ ਕੀਤੀ। ਇਸ ਮੌਕੇ ਰਾਮ ਕੁਮਾਰ ਸ਼ਰਮਾ, ਮਹੰਤ ਲਛਮਣ ਦਾਸ, ਸੰਜੇ ਮਹਿਤਾ, ਸੰਦੀਪ ਸਿੰਘ ਕਲੌਤਾ, ਦਵਿੰਦਰ ਸਿੰਘ, ਅਜੇ ਰਾਣਾ, ਵਿਸ਼ਾਲ ਰਾਣਾ ਤੇ ਹੈਪੀ ਬੇਦੀ ਸਮੇਤ ਵੱਡੀ ਗਿਣਤੀ ’ਚ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।