ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੀ ਸਿਆਸਤ ਦਾ ਨਵਾਂ ਅਧਿਆਏ : ਗੋਵਰਧਨ ਸੋਨੀ ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ,
Publish Date: Wed, 25 Nov 2026 04:42 PM (IST)
Updated Date: Wed, 25 Nov 2026 04:43 PM (IST)
ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਪੰਜਾਬ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਭਾਜਪਾ ਪੰਜਾਬ ਇੰਡਸਟਰੀ ਸੈੱਲ ਦੇ ਕੋ-ਕਨਵੀਨਰ ਗੋਵਰਧਨ ਸੋਨੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੀ ਸਿਆਸਤ ’ਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ। ਇਸ ਗੱਠਜੋੜ ਨਾਲ ਸੂਬੇ ’ਚ ਕੌਮੀ ਜਮਹੂਰੀ ਗੱਠਜੋੜ ਨੂੰ ਨਵੀਂ ਮਜ਼ਬੂਤੀ ਮਿਲੇਗੀ ਤੇ ਪੰਜਾਬ ’ਚ ਦੀ ਸਰਕਾਰ ਬਣਨ ਦੀਆਂ ਉਮੀਦਾਂ ਨੂੰ ਵੀ ਬਲ ਮਿਲੇਗਾ। ਗੋਵਰਧਨ ਸੋਨੀ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਦਾ ਰਿਸ਼ਤਾ ਕਈ ਦਹਾਕਿਆਂ ਪੁਰਾਣਾ ਹੈ। ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੀਆਂ ਸ਼ਾਨਦਾਰ ਰਵਾਇਤਾਂ, ਆਪਸੀ ਸਦਭਾਵਨਾ ਤੇ ਹਿੰਦੂ-ਸਿੱਖ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਹਮੇਸ਼ਾ ਆਪਸੀ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਰਹੀ ਹੈ ਤੇ ਇਸ ਵਿਰਾਸਤ ਨੂੰ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦੀ ਸਰਕਾਰ ਬਣਾਉਣ ਦੇ ਟੀਚੇ ਨਾਲ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਸੂਬੇ ’ਚ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ, ਕਿਸਾਨਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਸਭ ਤੋਂ ਵੱਧ ਲੋੜ ਨਸ਼ਿਆਂ ਤੇ ਗੈਂਗਸਟਰਵਾਦ ਦੇ ਖਾਤਮੇ ਦੀ ਹੈ। ਸਾਡਾ ਟੀਚਾ ਅਜਿਹਾ ਪੰਜਾਬ ਬਣਾਉਣਾ ਹੈ, ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ, ਮਾਵਾਂ-ਭੈਣਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ, ਵਪਾਰੀ ਬਿਨਾਂ ਕਿਸੇ ਡਰ ਦੇ ਆਪਣਾ ਕਾਰੋਬਾਰ ਕਰ ਸਕਣ ਤੇ ਆਮ ਨਾਗਰਿਕ ਅਮਨ-ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕਣ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਜਪਾ ਤੇ ਅਕਾਲੀ ਦਲ ਦੀ ਸਾਂਝੀ ਸਿਆਸੀ ਪਹਿਲਕਦਮੀ ਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਮਿਹਨਤ ਨਾਲ ਪੰਜਾਬ ’ਚ ਵਿਕਾਸ, ਸ਼ਾਂਤੀ, ਭਾਈਚਾਰਕ ਸਾਂਝ ਤੇ ਸੁਸ਼ਾਸਨ ਦੇ ਨਵੇਂ ਦੌਰ ਦੀ ਨੀਂਹ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣ ਤੇ ਨਸ਼ਾ ਮੁਕਤ, ਗੈਂਗਸਟਰ ਮੁਕਤ ’ਤੇ ਖੁਸ਼ਹਾਲ ਸੂਬਾ ਬਣਾਉਣ ਲਈ ਮਿਲ ਕੇ ਠੋਸ ਯਤਨ ਕੀਤੇ ਜਾਣਗੇ।